ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿਚ ਵਿਰੋਧੀ ਧਿਰਾਂ ਦੁਆਰਾ ਹੰਗਾਮਾ ਕਰਨ ’ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਅਜਿਹੇ ਸਮੇਂ ਜਦ ਪੂਰੀ ਮਾਨਵ ਜਾਤੀ ਕੋਵਿਡ ਮਹਾਂਮਾਰੀ ਦਾ ਸਾਹਮਣਾ ਕਰ ਰਹੀ ਹੈ, ਵਿਰੋਧੀ ਧਿਰਾਂ ਦਾ ਇਹ ਰਵਈਆ ਬਹੁਤ ਗ਼ੈਰ-ਜ਼ਿੰਮੇਵਾਰਾਨਾ ਹੈ। ਪ੍ਰਧਾਨ ਮੰਤਰੀ ਨੇ ਭਾਜਪਾ ਸੰਸਦੀ ਦਲ ਦੀ ਬੈਠਕ ਵਿਚ ਸੰਸਦ ਮੈਂਬਰਾਂ ਨੂੰ ਸੰਬੋਧਤ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕੋਈ ਰਾਜਸੀ ਮੁੱਦਾ ਨਹੀਂ ਹੈ ਸਗੋਂ ਇਹ ਮਾਨਵਤਾ ਨਾਲ ਸਬੰਧਤ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਇਸ ਦੌਰਾਨ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦਿਤਾ। ਕੋਵਿਡ ਕਾਰਨ ਸੰਸਦ ਦੇ ਪਿਛਲੇ ਇਜਲਾਸ ਵਿਚ ਭਾਜਪਾ ਸੰਸਦੀ ਦਲ ਦੀ ਬੈਠਕ ਨਹੀਂ ਹੋ ਸਕੀ ਸੀ। ਬੈਠਕ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦੀ ਕਾਰਜਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ, ‘ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਰਵਈਏ ’ਤੇ ਚਿੰਤਾ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਚਾਹੁੰਦੇ ਹਨ ਕਿ ਸਦਨ ਵਿਚ ਚਰਚਾ ਹੋਵੇ ਅਤੇ ਸਾਰਥਕ ਚਰਚਾ ਹੋਵੇ। ਇਸ ਲਈ ਵਿਰੋਧੀ ਧਿਰਾਂ ਨੂੰ ਚਰਚਾ ਵਿਚ ਭਾਗ ਲੈਣਾ ਚਾਹੀਦਾ ਹੈ।’ ਜੋਸ਼ੀ ਮੁਤਾਬਕ ਮੋਦੀ ਨੇ ਕਿਹਾ ਕਿ ਲਗਭਗ ਦੋ ਸਾਲਾਂ ਤੋਂ ਦੇਸ਼ ਮਹਾਂਮਾਰੀ ਨਾਲ ਜੂਝ ਰਿਹਾ ਹੈ। ਪੂਰੀ ਮਨੁੱਖਤਾ ਪ੍ਰਭਾਵਤ ਹੋਈ ਹੈ। ਸਰਕਾਰ ਇਸ ਵਿਸ਼ੇ ’ਤੇ ਬਹਿਸ ਲਈ ਤਿਆਰ ਹੈ ਪਰ ਵਿਰੋਧੀ ਧਿਰ ਦਾ ਰਵਈਆ ਬਹੁਤ ਗ਼ੈਰ-ਜ਼ਿੰਮੇਵਾਰਾਨਾ ਹੈ ਖ਼ਾਸਕਰ ਕਾਂਗਰਸ ਦਾ। ਮੋਦੀ ਨੇ ਕਿਹਾ ਕਿ ਕਾਂਗਰਸ ਨੂੰ ਹਾਲੇ ਵੀ ਲਗਦਾ ਹੈ ਕਿ ਸੱਤਾ ਵਿਚ ਬਣੇ ਰਹਿਣ ਦਾ ਅਧਿਕਾਰ ਉਸੇ ਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਹਾਂਮਾਰੀ ਦੇ ਬਾਵਜੂਦ ਇਕ ਵੀ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿਤਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿਤਾ ਕਿ ਲਾਗ ਦੇ ਬਾਵਜੂਦ ਦੇਸ਼ ਦੀ ਇਕ ਵੱਡੀ ਆਬਾਦੀ ਨੂੰ ਮੁਫ਼ਤ ਰਾਸ਼ਨ ਪਹੁੰਚਾਇਆ ਗਿਆ। ਲੋਕਾਂ ਨੂੰ ਰਾਸ਼ਨ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਅਜਿਹਾ ਕਰਕੇ ਲੋਕਾਂ ’ਤੇ ਕੋਈ ਅਹਿਸਾਨ ਨਹੀਂ ਕੀਤਾ ਜਾ ਰਿਹਾ।