ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਦੇਸ਼ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਸਿੱਧੂ ਨਾਲ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਅਤੇ ਪਵਨ ਗੋਇਲ ਵੀ ਮੌਜੂਦ ਸਨ। ਸਿੱਧੂ ਨੇ ਇਹ ਮੁਲਾਕਾਤ ਮੁੱਖ ਮੰਤਰੀ ਦਫ਼ਤਰ ਵਿਚ ਕੀਤੀ। ਜ਼ਿਕਰਯੋਗ ਹੈ ਕਿ ਕੈਪਟਨ ਅਤੇ ਸਿੱਧੂ ਵਿਚਾਲੇ ਵਿਵਾਦ ਚੱਲ ਰਿਹਾ ਸੀ ਕਿਉਂਕਿ ਕੈਪਟਨ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਸਖ਼ਤ ਵਿਰੋਧ ਕੀਤਾ ਸੀ। ਜਦ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ ਤਾਂ ਉਸ ਵਕਤ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦਫ਼ਤਰ ਪਹੁੰਚ ਕੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰ ਦਿਤਾ ਸੀ। ਪੰਜਾਬ ਕਾਂਗਰਸ ਇਕਾਈ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ ਜਿਸ ਰਾਹੀਂ ਹਾਈ ਕਮਾਨ ਵਲੋਂ ਦਿਤੇ ਗਏ 18 ਨੁਕਾਤੀ ਪ੍ਰੋਗਰਾਮ ਨੂੰ ਲਾਗੂ ਕਰਨ ’ਤੇ ਜ਼ੋਰ ਦਿਤਾ ਗਿਆ ਹੈ। ਇਸ ਪੱਤਰ ਵਿਚ ਫ਼ਿਲਹਾਲ ਪੰਜ ਮੁੱਦੇ ਹੱਲ ਕਰਨ ਦੀ ਅਪੀਲ ਕੀਤੀ ਗਈ ਹੈ ਜਿਨ੍ਹਾਂ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਚ ਪੁਲਿਸ ਗੋਲੀਬਾਰੀ ਘਟਨਾ, ਖੇਤੀ ਕਾਨੂੰਨਾਂ ਸਮੇਤ ਮੁਲਾਜ਼ਮ ਮੰਗਾਂ ਦੇ ਮੁੱਦਿਆਂ ਦਾ ਜ਼ਿਕਰ ਹੈ। ਮੁੱਖ ਮੰਤਰੀ ਨਾਲ ਮੁਲਾਕਾਤ ਦੇ ਸਬੰਧ ਵਿਚ ਸਿੱਧੂ ਨੇ ਟਵਿਟਰ ’ਤੇ ਜਾਣਕਾਰੀ ਦਿਤੀ ਜਿਸ ਵਿਚ ਲਿਖਿਆ ਹੈ ਕਿ ਪੰਜਾਬ ਦੀ ਜਨਤਾ ਨਾਲ ਜੁੜੇ ਲੰਮੇ ਸਮੇਂ ਤੋਂ ਚਲੇ ਆ ਰਹੇ ਮੁੱਦਿਆਂ ’ਤੇ ਫ਼ੌਰਨ ਕਾਰਵਾਈ ਦੀ ਮੰਗ ਸਬੰਧੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।