ਸੂਬੇ ’ਚ ਦਾਖਲ ਹੋਣ ਵਾਲਿਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜ਼ਰੂਰੀ
ਸੰਗਰੂਰ : ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਸ਼੍ਰੀ ਰਾਮਵੀਰ ਵਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ 31 ਅਗਸਤ 2021 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਕੋਵਿਡ ਤੋਂ ਠੀਕ ਹੋਏ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ। ਹੁਕਮਾਂ ਅਨੁਸਾਰ ਯਾਤਰੀਆਂ ਕੋਲ ਇਨ੍ਹਾਂ ’ਚੋਂ ਕੁਝ ਵੀ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਆਰ.ਏ.ਟੀ. ਟੈਸਟ ਜ਼ਰੂਰੀ ਹੋਵੇਗਾ, ਜਦਕਿ ਹਵਾਈ ਸਫ਼ਰ ਕਰਨ ਵਾਲਿਆਂ ਲਈ ਇਨ੍ਹਾਂ ਤਿੰਨਾਂ ਚੋਂ ਇਕ ਦਾ ਹੋਣਾ ਜ਼ਰੂਰੀ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਇਕੱਠ ਦੀ 50 ਫੀਸਦੀ ਦੀ ਸਮਰੱਥਾ ਨਾਲ ਇੰਡੋਰ 150 ਅਤੇ ਆਊਟਡੋਰ 300 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ। ਹੁਕਮਾਂ ਅਨੁਸਾਰ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਕਲਾਕਾਰ, ਸੰਗੀਤਕਾਰਾਂ ਨੂੰ ਕੋਵਿਡ ਪ੍ਰੋਟੋਕਾਲ ਦੇ ਨਾਲ ਆਗਿਆ ਦਿੱਤੀ ਜਾਵੇਗੀ। ਜਾਰੀ ਹੁਕਮਾਂ ਅਨੁਸਾਰ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਿਅਮ, ਚਿੜਿਆਘਰ ਆਦਿ ਨੂੰ ਆਪਣੀ 50 ਫੀਸਦੀ ਸਮਰੱਥਾ ਦੇ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ, ਬਸ਼ਰਤੇ ਕਿ ਹਾਜ਼ਰ ਸਟਾਫ ਦਾ ਮੁਕੰਮਲ ਟੀਕਾਕਰਨ ਹੋਵੇ ਜਾਂ ਉਹ ਕੋਵਿਡ ਤੋਂ ਠੀਕ ਹੋਇਆ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਤੈਰਾਕੀ, ਖੇਡ ਅਤੇ ਜਿੰਮ ਜਾਣ ਵਾਲੇ ਸਾਰੇ ਵਿਅਕਤੀ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਘੱਟੋ ਘੱਟ ਕੋਵਿਡ-19 ਟੀਕਾਕਰਨ ਦੀ ਇਕ ਡੋਜ਼ ਲੱਗੀ ਹੋਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਜ਼ਰੂਰੀ ਹੈ। ਜਾਰੀ ਹੁਕਮਾਂ ਅਨੁਸਾਰ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਹੋਰ ਉਚ ਸਿੱਖਿਅਕ ਸੰਸਥਾਵਾਂ ਵਿਚ ਸਿਰਫ ਮੁਕੰਮਲ ਟੀਕਾਕਰਨ ਜਾਂ ਕੋਵਿਡ ਤੋਂ ਠੀਕ ਹੋਏ ਅਧਿਆਪਨ, ਗੈਰ ਅਧਿਆਪਨ ਸਟਾਫ ਅਤੇ ਵਿਦਿਆਰਥੀ ਹੀ ਨਿੱਜ਼ੀ ਤੌਰ ’ਤੇ ਹਾਜ਼ਰ ਹੋਣਗੇ ਅਤੇ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਬਦਲ ਵੀ ਉਪਲਬੱਧ ਰਹੇਗਾ। ਇਸੇ ਤਰ੍ਹਾਂ ਸਕੂਲਾਂ ’ਚ ਵੀ ਸਟਾਫ਼ ਦਾ ਮੁਕੰਮਲ ਟੀਕਾਕਰਨ ਲਾਜ਼ਮੀ ਹੈ ਤੇ ਆਨ ਲਾਈਨ ਕਲਾਸਾਂ ਦਾ ਬਦਲ ਵੀ ਜ਼ਰੂਰੀ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਐਜੂਕੇਸ਼ਨ) ਸੰਗਰੂਰ ਨੂੰ ਨਿਰੇਦਸ਼ ਦਿੱਤੇ ਗਏ ਹਨ ਕਿ ਜੇਕਰ ਪਾਜ਼ਿਟਿਵਿਟੀ 0.2% ਤੋਂ ਵੱਧ ਹੈ ਤਾਂ ਚੌਥੀ ਤੇ ਇਸ ਤੋਂ ਹੇਠਲੀਆਂ ਜਮਾਤਾਂ ਹਾਲਾਤ ਦੇ ਠੀਕ ਹੋਣ ਤੱਕ ਬੰਦ ਰਹਿਣਗੀਆਂ। ਹੁਕਮਾਂ ਅਨੁਸਾਰ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਹੋਰ ਉਚ ਸਿੱਖਿਅਕ ਸੰਸਥਾਵਾਂ, ਸਕੂਲਾਂ ਦੇ ਅਧਿਆਪਨ ਤੇ ਗੈਰ ਅਧਿਆਪਨ ਸਟਾਫ਼ ਦੇ ਸਪੈਸ਼ਲ ਕੈਂਪ ਲਗਾ ਕੇ ਕੋਵਿਡ ਟੀਕਾਕਰਨ ਕਰਾਉਣ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਸਾਰਿਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਇਸੇ ਮਹੀਨੇ ਲੱਗ ਸਕੇ। ਜ਼ਿਨ੍ਹਾਂ ਦੇ ਦੂਜੀ ਡੋਜ਼ ਲੱਗਣੀ ਹੈ ਉਨ੍ਹਾਂ ਨੂੰ ਵੀ ਪਹਿਲ ਦਿੱਤੀ ਜਾਵੇ। ਸਕੂਲ ਜਾਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਤੁਰੰਤ ਕੋਵਿਡ ਵੈਕਸੀਨ ਲਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਦੋ ਗਜ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ’ਤੇ ਸਖ਼ਤੀ ਅਪਣਾਈ ਜਾਵੇਗੀ।