ਪਟਿਆਲਾ : ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2011 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਡਾ. ਨਾਨਕ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਾ. ਨਾਨਕ ਸਿੰਘ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਸਮੇਤ ਨਸ਼ਿਆਂ ਅਤੇ ਜੁਰਮ ਦੀ ਰੋਕਥਾਮ ਲਈ ਪੁਲਿਸ ਨੂੰ ਸਹਿਯੋਗ ਕਰਨ।
ਇਸ ਮੌਕੇ ਡਾ. ਨਾਨਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰੇਕ ਨਾਗਰਿਕ ਦਾ ਉਨਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਨੂੰ ਨਿਆਂ ਦਿਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਵੇਗੀ, ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਵਿਭਾਗ ਦੇ ਦਫਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨਾ ਯਕੀਨੀ ਬਣਾਇਅ ਜਾਵੇਗਾ।
ਡਾ. ਨਾਨਕ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ, ਜ਼ੁਰਮ ਰਹਿਤ ਜ਼ਿਲ੍ਹਾ ਬਣਾਈ ਰੱਖਣ ਲਈ ਲੋਕਾਂ ਦਾ ਮਿਲਵਰਤਨ ਬਹੁਤ ਜਰੂਰੀ ਹੈ।
ਇਸ ਮੌਕੇ ਉਨ੍ਹਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਤੇ ਡੀ.ਜੀ.ਪੀ. ਸ੍ਰੀ ਵੀ.ਕੇ ਭਾਵੜਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਸਾਫ਼ ਸੁਥਰਾ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਡਾ. ਨਾਨਕ ਸਿੰਘ, ਪਟਿਆਲਾ ਦੇ ਐਸ.ਐਸ.ਪੀ. ਲੱਗਣ ਤੋਂ ਪਹਿਲਾਂ ਐਸ.ਐਸ.ਪੀ. ਗੁਰਦਾਸਪੁਰ ਵਜੋਂ ਸੇਵਾ ਨਿਭਾ ਰਹੇ ਸਨ। ਜਦਕਿ ਉਹ ਬਤੌਰ ਐਸ.ਐਸ.ਪੀ. ਫਰੀਦੀਕੋਟ ਤੇ ਬਠਿੰਡਾ ਵਿਖੇ ਵੀ ਸੇਵਾਵਾਂ ਨਿਭਾਅ ਚੁੱਕੇ ਹਨ।