ਕਣਕ ਦੀ ਖ਼ਰੀਦ ਕਰਵਾਈ ਸ਼ੁਰੂ
ਕਿਸਾਨਾਂ ਨੂੰ ਸੁੱਕੀ ਜਿਣਸ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ
ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਨੇ ਅੱਜ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਅਤੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨਾਂ ਕਿਸਾਨਾਂ, ਆੜਤੀਆਂ, ਲੇਬਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਜਿਣਸ ਦੀ ਵਿਕਰੀ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ। ਉਨਾਂ ਕਿਸਾਨਾਂ ਨੂੰ ਨਮੀ ਰਹਿਤ ਫਸਲ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਣਕ ਦੀ ਫਸਲ ਸਮੇਂ ਸਿਰ ਖਰੀਦੀ ਜਾਵੇਗੀ ਅਤੇ ਸਮਾਂਬੱਧ ਲਿਫਟਿੰਗ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮਿਨਾਕਸ਼ੀ ਨੇ ਦੱਸਿਆ ਕਿ ਜ਼ਿਲੇ ਵਿਚ 98 ਮੰਡੀਆਂ ਤੋਂ ਇਲਾਵਾ 72 ਸਬ ਯਾਰਡ ਬਣਾਏ ਗਏ ਹਨ। ਉਨਾਂ ਦੱਸਿਆ ਕਿ ਪਿਛਲੇ ਸੀਜ਼ਨ 2021-22 ਦੌਰਾਨ 468539 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ ਤੇ ਇਸ ਸਾਲ ਵੀ ਇੰਨੀ ਹੀ ਜਿਣਸ ਦੀ ਆਮਦ ਦੀ ਉਮੀਦ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਐਸਡੀਐਮ ਸ੍ਰੀ ਵਰਜੀਤ ਵਾਲੀਆ, ਜ਼ਿਲਾ ਮੰਡੀ ਅਫਸਰ ਜਸਪਾਲ ਸਿੰਘ, ਗੁਰਦੀਪ ਸਿੰਘ ਬਾਠ, ਰੁਪਿੰਦਰ ਸਿੰਘ ਸੀਤਲ, ਪਰਮਿੰਦਰ ਸਿੰਘ ਭੰਗੂ ਤੇ ਹੋਰ ਹਾਜ਼ਰ ਸਨ।