ਫ਼ਿਰੋਜ਼ਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲ਼ਾ (ਫ਼ਿਰੋਜ਼ਪੁਰ) ਖਾਲਸਾ ਪੰਥ ਦੀ ਰਤਨਾਂ ਦੀ ਖਾਨ ਵਿੱਚੋਂ ਨਵਾਬ ਜੱਸਾ ਸਿੰਘ ਜੀ ਇਕ ਐਸਾ ਅਮੋਲਕ ਲਾਲ ਸੀ,ਜਿਸ ਦੇ ਨਾਮ ਪਰ ਖਾਲਸੇ ਦੀਆਂ ਆਉਣ ਵਾਲੀਆਂ ਨਸਲਾਂ ਰਹਿੰਦੀ ਦੁਨੀਆਂ ਤਕ ਮਾਣ ਕਰਿਆ ਕਰਨਗੀਆਂ। ਆਪ ਦੀਵਾਨਾਂ ਵਿਚ ਪ੍ਰਮਾਰਥ ਦਾ ਉੱਚ ਨਮੂਨਾ, ਮੈਦਾਨ ਜੰਗ ਵਿਚ ਅਜਿਤ ਜੋਧਾ, ਆਪਦਾ ਸਮੇਂ ਨਿਡਰ ਸੂਰਮਾ ਸਨ, ਜੋ ਵੰਡ ਛਕਣ ਤੇ ਗੁਰਧਾਮਾਂ ਦੀ ਸੇਵਾ ਵਿਚ ਆਪਣਾ ਸਰਬੰਸ ਤੱਕ ਲੱਗਾ ਦੇਣ ਵਿਚ ਆਪਣੀ ਵੱਡੀ ਖੁਸ਼ੀ ਸਮਝਦੇ ਸਨ- ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ
3 ਮਈ 1718 ਈ: ਨੂੰ ਸ.ਬਦਰ ਸਿੰਘ ਤੇ ਘਰ ਮਾਤਾ ਜੀਵਨ ਕੌਰ ਦੇ ਘਰ ਪਿੰਡ ਆਹਲੂ ਜ਼ਿਲ੍ਹਾ ਲਾਹੌਰ (ਪਾਕਿਸਤਾਨ) ਵਿਖੇ ਇੱਕ ਬਾਲ ਜੱਸਾ ਸਿੰਘ ਦਾ ਜਨਮ ਹੋਇਆ। ਨਿੱਕੀ ਉਮਰੇ ਹੀ ਬਾਪ ਦਾ ਸਾਇਆ ਸਿਰ ਤੋਂ ਉਠ ਗਿਆ। ਇਹਨਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਗੁਰੂ ਘਰ ਨਾਲ ਜੁੜਿਆ ਹੋਇਆ ਸੀ। ਇਸ ਕਰਕੇ ਬਾਲਕ ਜੱਸਾ ਸਿੰਘ ਦੀ ਮਾਤਾ ਉਸ ਨੂੰ ਲੈ ਕੇ ਦਿੱਲੀ ਵਿੱਚ ਰਹਿ ਰਹੇ ਮਾਤਾ ਸੁੰਦਰੀ ਕੋਲ ਚਲੀ ਗਈ। ਜੱਸਾ ਸਿੰਘ ਦੀ ਮਾਤਾ ਨੂੰ ਕਾਫੀ ਬਾਣੀ ਕੰਠ ਸੀ। ਬਾਲਕ ਜੱਸਾ ਸਿੰਘ ਵੀ ਰਸਭਿੰਨੀ ਆਵਾਜ਼ ਵਿਚ ਆਪਣੀ ਮਾਂ ਦਾ ਸਾਥ ਦਿੰਦਾ।
ਉਥੇ ਹੀ ਬਾਲ ਜੱਸਾ ਸਿੰਘ ਨੇ ਕੀਰਤਨ ਤੇ ਸੇਵਾ ਦੀ ਅਸੀਸ ਪ੍ਰਾਪਤ ਕੀਤੀ। ਮਾਤਾ ਸੁੰਦਰੀ ਜੀ ਦੀ ਰਹਿਨੁਮਾਈ ਵਿੱਚ ਹੀ ਸਿੱਖ ਵਿਚਾਰਧਾਰਾ, ਆਤਮਿਕ ਤੇ ਸਮਾਜਿਕ ਪੱਖਾਂ ’ਤੇ ਬਹੁਪੱਖੀ ਸਿੱਖਿਆ ਤੇ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਸ.ਜੱਸਾ ਸਿੰਘ ਨੇ ਪ੍ਰਾਪਤ ਕੀਤਾ। ਦਿੱਲੀ ਤੋਂ ਪੰਜਾਬ ਵੱਲ ਤੁਰਨ ਸਮੇਂ ਮਾਤਾ ਸੁੰਦਰੀ ਜੀ ਨੇ ਬਾਲਕ ਜੱਸਾ ਸਿੰਘ ਨੂੰ ਦਸਮੇਸ਼ ਪਿਤਾ ਦੇ ਕਰ ਕਮਲਾਂ ਦੀ ਛੋਹ ਪ੍ਰਾਪਤ ਸ਼ਸਤਰ, ਤਲਵਾਰ, ਤੀਰਾਂ-ਕਮਾਨ, ਗੁਰਜ ਆਦਿ ਬਖਸ਼ਿਸ਼ ਕੀਤੇ।
ਪੰਜਾਬ ਆਕੇ ਜੱਸਾ ਸਿੰਘ ਨੇ ਨਵਾਬ ਕਪੂਰ ਸਿੰਘ ਦੀ ਅਗਵਾਈ ਵਿੱਚ ਘੋੜ ਸਵਾਰੀ, ਤੇਗ ਜੌਹਰ, ਨੇਜ਼ਾਬਾਜ਼ੀ ਤੇ ਤੀਰ-ਕਮਾਨ ਆਦਿ ਵਿੱਚ ਚੰਗੀ ਤਰ੍ਹਾਂ ਮੁਹਾਰਤ ਹਾਸਲ ਕੀਤੀ।
ਸ.ਜੱਸਾ ਸਿੰਘ ਇਸ ਸਿਖਲਾਈ ਦੇ ਨਾਲ਼ ਨਾਲ਼ ਇੱਥੇ ਦੀਵਾਨਾਂ ਵਿੱਚ ਸੰਗਤ ਨੂੰ ਪੱਖਾ ਝੱਲਣ ਤੇ ਭਾਂਡੇ ਮਾਂਜਣ ਦੀ ਸੇਵਾ ਵੀ ਖੂਬ ਕਰਦਾ। ਜਵਾਨ ਹੋਣ ’ਤੇ ਉਸ ਨੂੰ ਨਵਾਬ ਕਪੂਰ ਸਿੰਘ ਨੇ ਅੰਮ੍ਰਿਤਪਾਨ ਕਰਵਾਇਆ ਤੇ ਰਹਿਤ ਬਹਿਤ ਵਿੱਚ ਪ੍ਰਪੱਕ ਰਹਿਣ ਲਈ ਕਿਹਾ। ਫਿਰ ਨਵਾਬ ਸਾਹਿਬ ਨੇ ਖਾਲਸੇ ਦੇ ਘੋੜਿਆਂ ਨੂੰ ਖੁਰਾਕ ਮੁਹੱਈਆ ਕਰਨ ਦੀ ਸੇਵਾ ਸੌਂਪ ਦਿੱਤੀ, ਸ.ਜੱਸਾ ਸਿੰਘ ਨੂੰ ਸਮੇਂ-ਸਮੇਂ ਜੋ ਵੀ ਜ਼ੁੰਮੇਵਾਰੀ ਦਿੱਤੀ ਗਈ ਇਹਨਾਂ ਨੇ ਆਪਣੇ ਵੱਲੋਂ ਹਮੇਸ਼ਾਂ ਪੂਰੀ ਤਨਦੇਹੀ ਨਾਲ਼ ਨਿਭਾਈ।
ਸ.ਜੱਸਾ ਸਿੰਘ ਨੇ ਜਿੱਥੇ ਅਫਗਾਨੀਆਂ ਨੂੰ ਸੋਧਿਆ ਉਥੇ 1761 ਨੂੰ ਅਮਿਦਸ਼ਾਹ ਅਬਦਾਲੀ ਕੋਲੋਂ 2200 ਜਵਾਨ ਹਿੰਦੂ ਲੜਕੀਆਂ ਨੂੰ ਛੁਡਾ ਕੇ ਬਾਇੱਜ਼ਤ ਘਰੋ-ਘਰੀ ਪਹੁੰਚਾਇਆ। 1761 ਨੂੰ ਖਾਲਸੇ ਨੇ ਲਾਹੌਰ ਫਤਹਿ ਕੀਤਾ ਅਤੇ ਇਸ ਖੁਸ਼ੀ ਵਿੱਚ ਸ. ਜੱਸਾ ਸਿੰਘ ਆਹਲੂਵਾਲੀਆ ਨੂੰ ਪੰਥ ਦਾ ਪਹਿਲਾ ਬਾਦਸ਼ਾਹ "ਸੁਲਤਾਨ-ਉਲ-ਕੌਮ" ਐਲਾਨਿਆ ਗਿਆ। ਸੁਲਤਾਨ-ਉਲ-ਕੌਮ ਨੇ ਸਿੱਖਾਂ ਦੀ ਸੁਤੰਤਰਤਾ ਦਾ ਐਲਾਨ ਕੀਤਾ ਤੇ ਸਿੱਖ ਗੁਰੂ ਸਾਹਿਬਾਨ ਦੇ ਨਾਂ ਦੇ ਸਿੱਕੇ ਜਾਰੀ ਕੀਤੇ। ਜੱਥੇਦਾਰ ਜੱਸਾ ਸਿੰਘ ਆਹਲੂਵਾਲੀਆ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਜੱਥੇਦਾਰ ਬਣੇ ਤੇ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਵੀ ਕੌਮ ਦੀ ਅਗਵਾਈ ਕਰਦੇ ਰਹੇ। ਇਤਿਹਾਸ ਅਨੁਸਾਰ ਵੱਡਾ ਘੱਲੂਘਾਰਾ ਜੋ 5 ਫਰਵਰੀ 1762 ਨੂੰ ਕੁੱਪ ਰੂਹੀੜੇ ਦੇ ਸਥਾਨ ’ਤੇ ਵਾਪਰਿਆ,ਉਸ ਸਮੇਂ ਸ. ਜੱਸਾ ਸਿੰਘ ਨੇ ਬਹੁਤ ਦਲੇਰੀ ਤੇ ਸਮਝਦਾਰੀ ਨਾਲ ਕੌਮ ਦੀ ਅਗਵਾਈ ਕੀਤੀ। ਇਸ ਸਾਕੇ ਸਮੇਂ ਉਨ੍ਹਾਂ ਦੇ ਸਰੀਰ ’ਤੇ ਦੋ ਦਰਜਨ ਤੋਂ ਵੱਧ ਫੱਟ ਲੱਗੇ।
11 ਮਾਰਚ 1783 ਨੂੰ ਸਿੱਖ ਸਰਦਾਰਾਂ ਸ. ਜੱਸਾ ਸਿੰਘ ਰਾਮਗੜ੍ਹੀਆ, ਸ. ਬਘੇਲ ਸਿੰਘ, ਸ. ਭਾਗ ਸਿੰਘ, ਸ. ਗੁਰਦਿੱਤ ਸਿੰਘ ਨਾਲ ਮਿਲ ਕੇ ਲਾਲ ਕਿਲੇ ’ਤੇ ਕੇਸਰੀ ਨਿਸ਼ਾਨ ਲਹਿਰਾਇਆ ਤੇ ਸੁਲਤਾਨ-ਉਲ-ਕੌਮ ਸ.ਜੱਸਾ ਸਿੰਘ ਆਹਲੂਵਾਲੀਆ ਨੂੰ ਭਾਰਤ ਦਾ ਬਾਦਸ਼ਾਹ ਐਲਾਨਿਆ। ਅਖੀਰ 20 ਅਕਤੂਬਰ 1783 ਨੂੰ ਕੌਮ ਨੂੰ ਬੁਲੰਦੀਆਂ ’ਤੇ ਪਹੁੰਚਾ ਸ.ਜੱਸਾ ਸਿੰਘ ਆਹਲੂਵਾਲੀਆ ਅਕਾਲ ਚਲਾਣਾ ਕਰ ਗਏ।
ਅਠਾਰ੍ਹਵੀਂ ਸਦੀ ਦੇ ਸਿੱਖ ਇਤਿਹਾਸ ’ਚ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਹੀ ਇਕਲੌਤਾ ਆਗੂ ਹੈ, ਜਿਸ ਨੂੰ ‘ਸੁਲਤਾਨ-ਉਲ-ਕੌਮ’, ਸਿੱਖ ਫੌਜਾਂ ਦਾ ਸੁਪਰੀਮ ਕਮਾਂਡਰ, ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਬੁੱਢਾ ਦਲ ਦੇ ਚੌਥੇ ਜਥੇਦਾਰ ਤੇ ਬਾਦਸ਼ਾਹ ਬਣਨ ਦਾ ਮਾਣ ਪ੍ਰਾਪਤ ਹੋਇਆ।