ਬਰਨਾਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਤੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਡਾ. ਜਰਨੈਲ ਸਿੰਘ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਹਵਾ, ਧਰਤੀ ਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਭ ਨੂੰ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ-ਪਾਣੀ ਦਿੱਤਾ ਜਾ ਸਕੇ।
ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਮਹਿਲ ਕਲਾਂ ਡਾ. ਜਸਮੀਨ ਸਿੰਘ ਸਿੱਧੂ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਤਰ ਵੱਤਰ ਖੇਤ ਹੋਣਾ ਲਾਜ਼ਮੀ ਹੈ ਅਤੇ ਇਸ ਵਿਧੀ ਨੂੰ ਅਪਣਾ ਕੇ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ। ਹਰਪਾਲ ਸਿੰਘ ਏ.ਐੱਸ.ਆਈ. ਨੇ ਕਿਹਾ ਕਿ ਲਗਾਤਾਰ ਨੀਚੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੋਰਟਲ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਸਾਨ ਆਪਣੀ ਡੀਟੇਲ ਰਜਿਸਟਰ ਕਰਕੇ 1500 ਸਹਾਇਤਾ ਰਾਸ਼ੀ ਦਾ ਲਾਭ ਉਠਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਦਾ ਸਾਥ ਦੇਣ।
ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਸਮੂਹ ਆਤਮਾ ਸਟਾਫ ਮਹਿਲ ਕਲਾਂ, ਭਗਵਾਨ ਸਿੰਘ ਬੇਲਦਾਰ, ਕੁਲਦੀਪ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਜਗਰਾਜ ਸਿੰਘ, ਗੁਰਪ੍ਰੀਤ ਸਿੰਘ ਵਜੀਦਕੇ ਕਲਾਂ, ਜਸਵਿੰਦਰ ਸਿੰਘ, ਜਰਨੈਲ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ।