ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਜ਼ਿਲਾ ਭਾਸ਼ਾ ਦਫਤਰ ਵੱਲੋਂ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਧੀਨ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ।
ਜ਼ਿਲਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਪੁਸਤਕ ਪ੍ਰਦਰਸ਼ਨੀ ’ਚ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੁਖਪਾਲ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਸੁਖਪਾਲ ਸਿੰਘ ਪੀਸੀਐਸ ਨੇ ਭਾਸ਼ਾ ਦਫਤਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ’ਚ ਨੌਜਵਾਨਾਂ ਨੂੰ ਪੁਸਤਕਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਪੜਨ ਦੀ ਆਦਤ ਵਾਲੇ ਵਿਦਿਆਰਥੀ ਲਾਜ਼ਮੀ ਤੌਰ ’ਤੇ ਸਫਲਤਾ ਦੀ ਮੰਜ਼ਿਲ ’ਤੇ ਪਹੁੰਚਦੇ ਹਨ। ਉਨਾਂ ਕਿਹਾ ਕਿ ਪੇਂਡੂ ਖੇਤਰਾਂ ’ਚ ਪੁਸਤਕਾਂ ਦੀ ਪਹੁੰਚ ਬਣਾਉਣਾ ਸਮੇਂ ਦੀ ਮੁੱਖ ਜ਼ਰੂਰਤ ਹੈ। ਇਸ ਮੌਕੇ ਜ਼ਿਲਾ ਭਾਸ਼ਾ ਦਫਤਰ ਵੱਲੋਂ ਉਨਾਂ ਨੂੰ ਭਾਸ਼ਾ ਵਿਭਾਗ ਦੀ ਪੁਸਤਕ “ਗੁਲਿਸਤਾਂ-ਬੋਸਤਾਂ’’ ਵੀ ਭੇਟ ਕੀਤੀ ਗਈ।
ਜ਼ਿਲਾ ਭਾਸ਼ਾ ਦਫਤਰ ਦੇ ਜੂਨੀਅਰ ਸਹਾਇਕ ਜਗਦੇਵ ਸਿੰਘ ਨੇ ਦੱਸਿਆ ਕਿ ਪੁਸਤਕ ਪ੍ਰਦਰਸ਼ਨੀ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਰਹੀ ਅਤੇ ਪਾਠਕਾਂ ਵੱਲੋਂ ਪੁਸਤਕਾਂ ਦੀ ਖ਼ਰੀਦਦਾਰੀ ਵੀ ਕੀਤੀ ਗਈ। ਇਸ ਮੌਕੇ ਜ਼ਿਲਾ ਭਾਸ਼ਾ ਦਫਤਰ ਦੇ ਕਰਮਚਾਰੀ ਗੋਬਿੰਦ ਸਿੰਘ ਸਮੇਤ ਪਾਠਕ ਹਾਜ਼ਰ ਸਨ।