ਐਸ.ਏ.ਐਸ ਨਗਰ : ਜ਼ਿਲੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਨਿਬੇੜਾ ਮਿਥੇ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਮਿੱਥੇ ਸਮੇਂ ਵਿਚ ਹੋਣੇ ਚਾਹੀਦੇ ਹਨ। ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਨਿਸ਼ਾਨਦੇਹੀਆਂ, ਤਕਸੀਮ ਖ਼ਾਨਗੀ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਖ਼ਾਨਗੀ ਤਬਾਦਲੇ ਆਦਿ ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਵਿਚ ਕੀਤਾ ਜਾਵੇ ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ 'ਤੇ ਚੈਕਿੰਗ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ। ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਵੱਲੋਂ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ।