ਐਸ.ਏ.ਐਸ ਨਗਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜਿਲ੍ਹੇ ‘ਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਦਰੁੱਸਤ ਰੱਖਣ ਲਈ ਅਧਿਕਾਰੀਆਂ ਨਾਲ ਬੀਤੀ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਦਰੁੱਸਤ ਰੱਖਣ ਦੇ ਮੱਦੇਨਜ਼ਰ ਪੁਲਿਸ ਅਤੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕੀਤੀਆ ਗਈਆਂ ਹਨ । ਉਨ੍ਹਾਂ ਇਹ ਵੀ ਕਿਹਾ ਕਿ ਜਿਲ੍ਹੇ ਦੀ ਹਦੂਦ ਅੰਦਰ ਟਰੈਵਲ ਏਜੰਟਾ ਵੱਲੋਂ ਇਮੀਗ੍ਰੇਸ਼ਨ ਅਤੇ ਕੰਸਲਟੈਂਸੀ ਦੇ ਕੰਮਾਂ ਲਈ ਖੋਲੇ ਦਫ਼ਤਰਾਂ ਤੇ ਪ੍ਰਾਸ਼ਸਨ ਪੂਰੀ ਤਰ੍ਹਾਂ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਨੇ/ਪ੍ਰਦਰਸ਼ਨਾਂ ਲਈ ਵੀ ਢੁਕਵੀਆਂ ਥਾਵਾਂ ਤਹਿ ਕੀਤੀਆਂ ਜਾਣਗੀਆਂ।
ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਟਰੈਵਲ ਏਜੰਟ ਲੋਕਾਂ ਨੂੰ ਵਿਦੇਸ਼ਾ ਵਿੱਚ ਭੇਜਣ ਸਮੇਂ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਵੀ ਥੋਖੇ ਬਾਜੀ ਜਾਂ ਕੋਈ ਠੱਗੀ ਕਰਦਾ ਹੈ ਜਾਂ ਟਰੈਵਲ ਏਜੰਟ ਵਿਰੁੱਧ ਕੋਈ ਸਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸਦੀ ਬਾਰੀਕੀ ਨਾਲ ਛਾਣ-ਬੀਣ ਕਰਕੇ ਦੋਸ਼ੀ ਸ਼ਾਬਿਤ ਹੋਣ ਤੇ ਉਸ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਟਰੈਵਲ ਏਜੰਟਾਂ ਵਿਰੁੱਧ ਲੰਬਿਤ ਪਏ ਕੇਸਾਂ ਦੇ ਨਬੇੜੇ ਲਏ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਰਿਪੋਰਟ ਆਉਣ ਤੇ ਇਹਨਾਂ ਟਰੈਵਲ ਏਜੰਟਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਿਲ੍ਹਾ ਪ੍ਰਸ਼ਾਸਨ ਦਾਗੀ ਇੰਮੀਗਰੇਸ਼ਨ ਕੰਪਨੀਆਂ ਵਿਰੁੱਧ ਸ਼ਖਤ ਕਾਰਵਾਈ ਕਰਦਾ ਰਿਹਾ ਹੈ।
ਸ੍ਰੀ ਤਲਵਾੜ ਵੱਲੋਂ ਕਿਹਾ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਅਮਨ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੂਰੀ ਤਰ੍ਹਾਂ ਚੋਕਸ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀ ਹਦੂਦ ਅੰਦਰ ਸ਼ਰਾਰਤੀ ਅਨਸਰਾਂ ਦੀ ਰਿਹਾਇਸ ਨੂੰ ਲੈ ਕੇ ਵੱਖ ਵੱਖ ਪ੍ਰਾਈਵੇਟ ਸੁਸਾਇਟੀਆਂ ਦੀ ਚੈਕਿੰਗ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਸ਼ਰਾਰਤੀ ਅਨਸਰ ਸਾਹਮਣੇ ਆਉਦਾ ਹੈ ਤਾਂ ਉਸ ਵਿਰੁੱਧ ਬਣਦੀ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਵੱਲੋਂ ਨਿੱਜੀ ਸੁਸਾਇਟੀਆਂ ਨੂੰ ਵੀ ਉਥੇ ਆਣ-ਜਾਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜੁਡੀਸ਼ੀਅਲ ਕੰਪਲੈਕਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਹਿਲਾ ਪੁਲਿਸ ਕਰਮਚਾਰੀ ਅਤੇ ਪੀ.ਸੀ.ਆਰ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਸ੍ਰੀਮਤੀ ਪੂਜਾ ਸਿਆਲ, ਐਸ.ਡੀ.ਐਮ.ਮੋਹਾਲੀ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਤਰਸੇਮ ਚੰਦ, ਡੀ.ਐਸ.ਪੀ ਸ੍ਰੀ ਸੁਰਿੰਦਰ ਮੋਹਨ ਸਿੰਘ ਤੋਂ ਇਲਵਾ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।