ਪਟਿਆਲਾ : ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਨਵੰਬਰ ਨੂੰ ਜਨ ਸੁਵਿਧਾ, ਜਨ ਸੁਣਵਾਈ ਅਤੇ ਮਾਲ ਸੁਵਿਧਾ ਕੈਂਪ ਪਟਿਆਲਾ ਦਿਹਾਤੀ ਬਲਾਕ ਦੇ ਪਿੰਡ ਵਿਕਾਸ ਨਗਰ ਦੇ ਤੇਜਿੰਦਰ ਪਬਲਿਕ ਸਕੂਲ ਵਿਖੇ ਲਗਾਇਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਦੇ ਮਕਸਦ ਨਾਲ 23 ਨਵੰਬਰ ਨੂੰ ਲੱਗਣ ਵਾਲੇ ਇਸ ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ ਦੌਰਾਨ ਬੁਢਾਪਾ ਪੈਨਸ਼ਨ ਸਮੇਤ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਨਾਲ ਨਾਲ ਸਾਰੇ ਵਿਭਾਗ ਵੱਲੋਂ ਇੱਕੋ ਛੱਤ ਥੱਲੇ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ ਤੇ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਵੀ ਮੌਕੇ 'ਤੇ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਆਪਣੀਆਂ ਸੇਵਾਵਾਂ ਇਲਾਕੇ ਦੇ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਦਾਨ ਕੀਤੀਆਂ ਜਾਣਗੀਆਂ, ਇਸ ਲਈ ਲੋਕ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਜਰੂਰ ਲੈਣ।