ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ, ਕਿਉੰਕ ਨਹਿਰੂ ਗਾਂਧੀ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਵੱਲੋਂ 1947 ਤੋਂ ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ ਪੰਜਾਬ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਮਰਹੂਮ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 8 ਅਪ੍ਰੈਲ 1982 ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਕਪੂਰੀ ਵਿਖੇ ਟਕ ਲਗਾ ਕੇ ਪੰਜਾਬ ਦਾ ਪਾਣੀ ਵੰਡਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ 1 ਨਵੰਬਰ 1966 ਨੂੰ ਪੰਜਾਬ ਦੀ ਦੁਬਾਰਾ ਵੰਡ ਕੀਤੀ ਗਈ ਤੇ ਹਰਿਆਣਾ, ਹਿਮਾਚਲ ਪ੍ਰਦੇਸ਼ ਵੱਖਰੇ ਰਾਜ ਬਣਾ ਕੇ ਪੰਜਾਬ ਵਿਚੋਂ ਬਾਹਰ ਕੱਢੇ ਗਏ ਤੇ ਪੰਜਾਬ ਦੇ ਤਿੰਨ ਟੁਕੜੇ ਕਰ ਦਿੱਤੇ ਗਏ । ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਪੰਜਾਬ ਦੀ ਰਾਜਧਾਨੀ, ਹਾਈਕੋਰਟ, ਪੰਜਾਬੀ ਬੋਲਦੇ ਇਲਾਕੇ ਸਿੱਧੇ ਤੌਰ ਤੇ ਪੰਜਾਬ ਨੂੰ ਦੇਣ ਦੀ ਥਾਂ ਭਾਖੜਾ ਮੈਨੇਜਮੈਂਟ ਬੋਰਡ ਦਾ ਅਧਿਕਾਰ ਵੀ ਕੇਂਦਰ ਸਰਕਾਰ ਅਧੀਨ ਕਰ ਦਿੱਤਾ ਗਿਆ ।
ਉਨ੍ਹਾਂ ਕਿਹਾ ਕਿ 6 ਜੂਨ 1984 ਨੂੰ ਕਾਂਗਰਸ ਪਾਰਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਨਾਲ-ਨਾਲ ਕਈ ਹੋਰ ਗੁਰਦੁਆਰਾ ਸਾਹਿਬਾਨ ਤੇ ਹੋਰ ਸਿੱਖਾਂ ਦੇ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਤੇ ਰਾਜੀਵ ਗਾਂਧੀ ਦੇ ਕਹਿਣ ਤੇ ਦਿੱਲੀ, ਕਾਨਪੁਰ, ਬੋਕਾਰੋ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿਖਾਂ ਤੇ ਅਣਮਨੁੱਖੀ ਤਸ਼ੱਦਦ ਕਰਕੇ ਸਿੱਖ ਕਤਲੇਆਮ ਕਰਵਾ ਕੇ ਦੰਗੇ ਕਰਵਾਏ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕੀਤਾ ਗਿਆ ।