Friday, November 22, 2024

Delhi

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

July 27, 2023 08:46 PM
SehajTimes

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸੱਤਾਧਾਰੀ ਗਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਸਰੋਕਾਰ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ : ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਜੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਕੋਈ ਸੰਸਦ ਮੈਂਬਰ ਸਦਨ ਦੇ ਵਿਚਕਾਰ ਆਉਂਦਾ ਹੈ ਤਾਂ ਉਸ ਨੂੰ ਗ਼ੈਰਕਾਨੂੰਨੀ ਢੰਗ ਨਾਲ ਮੁਅੱਤਲ ਕਰ ਦਿੱਤਾ ਜਾਂਦਾ ਹੈ, ਜੋ ਬਹੁਤ ਸ਼ਰਮਨਾਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ‘ਲੋਕਤੰਤਰ ਦੇ ਮੰਦਰ’ ਵਿੱਚ ਵੀ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਦਬਾਉਣ ਦਾ ਇਹ ਤਾਨਾਸ਼ਾਹੀ ਢੰਗ ਗੈਰਵਾਜਬ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਾਨਾਸ਼ਾਹੀ ਸ਼ਾਸਨ ਵਿੱਚ ਸਿਆਸੀ ਲਾਹੇ ਲਈ ਵਿਰੋਧੀ ਧਿਰ ਨੂੰ ਚੁੱਪ ਕਰਾਉਣਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਸੱਤਾਧਾਰੀ ਗਠਜੋੜ ਵੱਲੋਂ ਕਈ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਵਿਰੋਧੀ ਧਿਰ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੈਂਬਰਾਂ ਦੀ ਸਹਿਮਤੀ ਲੈਣ ਦੀ ਪ੍ਰਵਾਹ ਕੀਤੇ ਬਿਨਾਂ ਸਾਰੇ ਸਦਨ ਵਿੱਚ ਹੰਗਾਮਾ ਮਚਾ ਕੇ ਬਿੱਲ ਪਾਸ ਕਰ ਦਿੱਤੇ ਜਾਂਦੇ ਹਨ ਅਤੇ ਇਹ ਸਮੁੱਚੇ ਲੋਕਤੰਤਰ ਉਤੇ ਧੱਬਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਗਦੀ ਜ਼ਮੀਰ ਵਾਲੇ ਸਾਰੇ ਸੰਸਦ ਮੈਂਬਰ ਸੰਜੇ ਸਿੰਘ ਦੇ ਨਾਲ ਹਨ ਅਤੇ ਅੱਜ ਇੱਥੇ ਧਰਨਾ ਦੇ ਰਹੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ-ਚੇਤਨ ਸਿੰਘ ਜੌੜਾਮਾਜਰਾ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ‘ਮਨ ਕੀ ਬਾਤ’ ਵਿੱਚ ਆਪਣੀ ਗੱਲ ਕਰਨਾ ਪਸੰਦ ਕਰਦੇ ਹਨ ਪਰ ਉਹ ਦੇਸ਼ ਦੇ ਲੋਕਾਂ ਦੀ ਗੱਲ ਸੁਣਨ ਲਈ ਕਦੇ ਵੀ ਤਿਆਰ ਨਹੀਂ ਹੁੰਦੇ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਸੂਝਵਾਨ ਅਤੇ ਜਮਹੂਰੀਅਤ ਨੂੰ ਪਿਆਰ ਕਰਨ ਵਾਲੇ ਲੋਕ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਇਸ ਘਿਨਾਉਣੇ ਪਾਪ ਲਈ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਐਂਡ ਕੰਪਨੀ ਦੇਸ਼ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਉਨ੍ਹਾਂ ਦੇ 28 ਰਾਜਪਾਲਾਂ ਸਮੇਤ 30 ਲੋਕਾਂ ਨੇ ਹੀ ਚਲਾਉਣਾ ਹੈ ਤਾਂ ਚੋਣਾਂ ਕਰਵਾਉਣ `ਤੇ ਪੈਸਾ ਕਿਉਂ ਬਰਬਾਦ ਕਿਉਂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਇਹ ਖ਼ਤਰਨਾਕ ਰੁਝਾਨ ਹੈ, ਜਿਸ ਨੂੰ ਤੁਰੰਤ ਰੋਕਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਨੀਪੁਰ ਵਿਖੇ ਵਾਪਰੀ ਸ਼ਰਮਨਾਕ ਘਟਨਾ ਭਾਜਪਾ ਦੀ ਵੰਡ ਪਾਊ ਅਤੇ ਨਫ਼ਰਤ ਵਾਲੀ ਨੀਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ ਕਿਉਂਕਿ ਇਸ ਨੀਤੀ ਦੇ ਮਾੜੇ ਸਿੱਟੇ ਸਾਹਮਣੇ ਆਉਣਗੇ।

ਭਗਵੰਤ ਮਾਨ ਨੇ ਮੰਗ ਕੀਤੀ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜਨ ਕਾਰਨ ਮਨੀਪੁਰ ਵਿੱਚ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਮਨੀਪੁਰ ਵਿੱਚ ਉਦੋਂ ਕੀ ਕਰ ਰਹੇ ਸਨ, ਜਦੋਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਸੀ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਖ਼ਾਸ ਕਰਕੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੇ ਰਾਜਪਾਲ ਸੂਬਿਆਂ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਗੈਰ-ਜ਼ਰੂਰੀ ਦਖ਼ਲਅੰਦਾਜ਼ੀ ਕਰ ਰਹੇ ਹਨ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕੰਮ ਨਹੀਂ ਕਰਨ ਦੇ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਮਨੀਪੁਰ ਦੇ ਰਾਜਪਾਲ ਸੂਬੇ ਵਿੱਚ ਵਾਪਰ ਰਹੀਆਂ ਲੜੀਵਾਰ ਘਿਨਾਉਣੀਆਂ ਘਟਨਾਵਾਂ ਨੂੰ ਸਿਰਫ਼ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ। ਮੁੱਖ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਮਨੀਪੁਰ ਵਿੱਚ ਵਾਪਰ ਰਹੀਆਂ ਮੰਦਭਾਗੀਆਂ ਅਤੇ ਘਿਨਾਉਣੀਆਂ ਘਟਨਾਵਾਂ ਦਾ ਖ਼ੁਦ ਨੋਟਿਸ ਲੈਣ ਅਤੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਮਨੀਪੁਰ ਸੜ ਰਿਹਾ ਸੀ ਤਾਂ ਦੇਸ਼ ਦਾ ਪ੍ਰਧਾਨ ਮੰਤਰੀ ਦੂਜੇ ਦੇਸ਼ਾਂ ਦੀ ਯਾਤਰਾ ਦਾ ਆਨੰਦ ਮਾਣ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਸ ਸੰਕਟ ਨਾਲ ਨਜਿੱਠਣ ਪ੍ਰਤੀ ਮੋਦੀ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਅਤੇ ਲੋਕ 2024 ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਮੋਦੀ ਅਤੇ ਉਸ ਦੀ ਜੁੰਡਲੀ ਨੂੰ ਸਬਕ ਸਿਖਾਉਣਗੇ। ਸੰਸਦ ਭਵਨ ਦੀ ਨਵੀਂ ਬਣੀ ਇਮਾਰਤ ਵਿੱਚ ਪਾਣੀ ਰਿਸਣ `ਤੇ ਵਿਅੰਗ ਕਸਦਿਆਂ ਉਨ੍ਹਾਂ ਕਿਹਾ ਕਿ ਇਕ ਸਦੀ ਪਹਿਲਾਂ ਬਣੀ ਪਾਰਲੀਮੈਂਟ ਦੀ ਪੁਰਾਣੀ ਇਮਾਰਤ ਅੱਜ ਵੀ ਬਰਕਰਾਰ ਹੈ, ਜਦ ਕਿ ਨਵੀਂ ਇਮਾਰਤ ਦੀ ਛੱਤ ਲੀਕ ਹੋ ਚੁੱਕੀ ਹੈ, ਜੋ ਦੇਸ਼ ਦੀ ਤਰਸਯੋਗ ਹਾਲਤ ਨੂੰ ਦਰਸਾਉਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਦੀ ਭ੍ਰਿਸ਼ਟ ਤੱਤਾਂ ਨਾਲ ਮਿਲੀਭੁਗਤ ਹੈ।

Have something to say? Post your comment