ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਵੀਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਪਟਿਆਲਾ ਅਤੇ ਸੰਗਰੂਰ ਵਿੱਚ ਪੈਂਦੀਆਂ ਨਗਰ ਨਿਗਮ, ਪਟਿਆਲਾ, ਨਗਰ ਕੌਂਸਲ/ਨਗਰ ਪੰਚਾਇਤ ਸਨੌਰ, ਘਨੌਰ, ਘੱਗਾ, ਦੇਵੀਗੜ੍ਹ, ਸੰਗਰੂਰ, ਚੀਮਾ, ਮੁਨਕ, ਦਿੜ੍ਹਬਾ ਅਤੇ ਖਨੌਰੀ ਦੇ ਵਿਕਾਸ ਕਾਰਜਾਂ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਦੀ ਹਾਜਰੀ ਵਿੱਚ ਸਮੀਖਿਆ ਮੀਟਿੰਗ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਦੇ ਮਾਪਦੰਡਾਂ ਤਹਿਤ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਦਿੱਤੇ।
ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਪਾਸੋਂ ਅਮਰੁਤ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਗਤੀ ਅਧੀਨ ਪ੍ਰਾਜੈਕਟਾਂ ਅਤੇ ਨਵੀਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਦਿਲਚਸਪੀ ਲੈਂ ਕੇ ਜੰਗੀ ਪੱਧਰ ‘ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਨੇ ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਤਾਲਮੇਲ ਕਾਇਮ ਰੱਖਦੇ ਹੋਏ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੁੱਚੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਦੀ ਸਫਾਈ ਲਈ ਅਤੇ ਹੋਰ ਕੰਮਾਂ ਲਈ ਜੋ ਵੀ ਜਰੂਰੀ ਮਸ਼ੀਨਰੀ ਦੀ ਜਰੂਰਤ ਹੋਵੇ ਉਹ ਖਰੀਦ ਲਈ ਜਾਵੇ ਤਾਂ ਜੋ ਨਿਗਰ ਨਿਗਮ, ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕੰਮਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਇਸ ਗੱਲ ਵੱਲ ਵੀ ਜ਼ੋਰ ਦਿੱਤਾ ਕਿ ਸਮੇਂ ਸਮੇਂ ਸੀਵਰੇਜ ਦੀ ਸਫਾਈ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਸੀਵਰੇਜ ਦੀਆਂ ਪਾਈਪਾਂ ਬਲਾਕ ਨਾ ਹੋਣ।
ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭਿ੍ਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਵਿਧਾਇਕ ਸ੍ਰੀ ਹਰਮੀਤ ਸਿੰਘ ਪਠਾਨਮਾਜਰਾ, ਸ੍ਰੀ ਬਰਿੰਦਰ ਕੁਮਾਰ ਗੋਇਲ, ਸ੍ਰੀ ਗੁਰਲਾਲ ਘਨੌਰ ਅਤੇ ਅਜੀਤ ਪਾਲ ਸਿੰਘ ਕੋਹਲੀ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਮਿਉਸੀਪਲ ਕਮਿਸ਼ਨਰ, ਪਟਿਆਲਾ, ਵਧੀਕ ਡਿਪਟੀ ਕਮਿਸ਼ਨਰ ਪਟਿਆਲਾ, ਸੰਗਰੂਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਨਗਰ ਨਿਗਮ, ਨਗਰ ਕੌਂਸਲਾਂ/ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।