ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਹਾਵੜਾ ਵਿੱਚ ਹੋ ਰਹੇ ਭਾਜਪਾ ਦੇ ਪੰਚਾਇਤੀ ਰਾਜ ਪ੍ਰੀਸ਼ਦ ਪ੍ਰੋਗਰਾਮ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਸੰਸਦ ਵਿੱਚ ਮਨੀਪੁਰ ਹਿੰਸਾ ’ਤੇ ਚਰਚਾ ਕਰਨ ਦੇ ਪੱਖ ਵਿਚ ਸੀ ਪਰ ਵਿਰੋਧੀ ਧਿਰ ਸਿਰਫ਼ ਰਾਜਨੀਤੀ ਹੀ ਕਰਨਾ ਚਾਹੁੰਦੀ ਸੀ ਅਤੇ ਉਹ ਬੇਭਰੋਸਗੀ ਦਾ ਮਤਾ ਲੈ ਕੇ ਆਏ, ਤੇ ਵੋਟਿੰਗ ਤੋਂ ਭੱਜ ਗਏ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਨੇ ਮਨੀਪੁਰ ਨਾਲ ਧੋਖਾ ਕੀਤਾ ਹੈ।
ਇਸ ਤੋਂ ਇਲਾਵਾ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੀਆਂ ਪਾਰਟੀਆਂ ਨੂੰ ਮਨੀਪੁਰ ਮੁੱਦੇ ’ਤੇ ਚਰਚਾ ਕਰਨ ਲਈ ਸੱਦਾ ਦਿੱਤਾ ਸੀ ਪਰ ਵਿਰੋਧੀ ਧਿਰ ਨੇ ਇਸ ਮੁੱਦੇ ’ਤੇ ਚਰਚਾ ਹੀ ਨਹੀਂ ਹੋਣ ਦਿੱਤੀ। ਵਿਰੋਧੀ ਧਿਰ ਲੋਕਾਂ ਬਾਰੇ ਨਹੀਂ ਸੋਚਦੀ ਉਨ੍ਹਾਂ ਨੂੰ ਤਾਂ ਆਪਣੀ ਰਾਜਨੀਤੀ ਚਮਕਾਉਣ ਦੀ ਲੱਗੀ ਹੋਈ ਹੈ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਦੇਸ਼ ਵਿੱਚੋਂ ਗ਼ਰੀਬੀ ਨੂੰ ਜੜ੍ਹੋਂ ਵੱਢ ਸਕਣ ਲਈ ਸਮਰਥ ਹਨ ਅਤੇ ਉਨ੍ਹਾਂ ਕਿਹਾ ਕਿ ਅਸੀਂ 18 ਹਜ਼ਾਰ ਪਿੰਡਾਂ ਨੂੰ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਉਹ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਵੀ ਦੂਰ ਕਰਨ ਵਿੱਚ ਕਾਮਯਾਬ ਹੋ ਗਏ ਹਨ।