ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਅਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਲਗਭਗ ਇਕ ਸਾਲ ਪੂਰਾ ਹੋ ਗਿਆ ਹੈ ਅਤੇ ਇਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਹੁਣ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਹੋ ਗਏ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ 'ਚੋਂ 180 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ, ਜਦੋਂ ਕਿ 403 ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਮਾਣੇ ਯਤਨ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ 14 ਅਗਸਤ 2023 ਨੂੰ 76ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਹੋਰ 76 ਆਮ ਆਦਮੀ ਕਲੀਨਿਕ ਸਮਰਪਿਤ ਕਰਨਗੇ, ਜਿਸ ਨਾਲ ਇਨ੍ਹਾਂ ਦੀ ਕੁਲ ਗਿਣਤੀ 659 ਹੋ ਜਾਵੇਗੀ।