ਆਜ਼ਾਦੀ ਦੀ 76ਵੀਂ ਵਰ੍ਹੇਗੰਢ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਪਰਿਤ ਕੀਤੇ ਗਏ ਹਨ। ਲੋਕਾਂ ਵੱਲੋਂ ਸਰਕਾਰ ਦੇ ਇਸ ਇਤਿਹਾਸਕ ਅਤੇ ਲੋਕ ਪੱਖੀ ਕਦਮ ਦੀ ਰੱਜਵੀਂ ਸ਼ਲਾਘਾ ਕੀਤੀ ਜਾ ਰਹੀ ਹੈ।ਲੋਕਾਂ ਨੇ ਇਸ ਕਦਮ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇਗਾ। 76 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ, ਹੁਣ ਇਨ੍ਹਾਂ ਕਲੀਨਿਕਾਂ ਦੀ ਗਿਣਤੀ 659 ਹੋ ਗਈ ਹੈ ਜੋ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਆਰੀ ਇਲਾਜ ਸਹੂਲਤਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ।
ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਸੂਬਾ ਵਾਸੀਆਂ ਨੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੀ ਸਾਫ਼-ਸੁਥਰੀ ਨੀਅਤ ਨੂੰ ਦਰਸਾਉਂਦੀ ਹੈ ਕਿ ਸੂਬਾ ਸਰਕਾਰ ਸਿਹਤ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਅਤੇ ਸੱਚੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਅਣਥੱਕ ਕੰਮ ਕਰ ਰਹੀ ਹੈ।
ਰੋਜ਼ ਪਾਰਕ ਕਲੋਨੀ, ਜਲੰਧਰ ਦੀ ਹਰਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਲਈ ਰੋਜ਼ ਪਾਰਕ ਦੇ ਵਾਸੀ, ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਸਿਹਤ ਸਹੂਲਤਾਂ, ਦਵਾਈਆਂ ਅਤੇ ਟੈਸਟਾਂ ਲਈ ਮੀਲਾਂ ਦਾ ਸਫ਼ਰ ਨਹੀਂ ਕਰਨਾ ਪੈਂਦਾ। ਉਨ੍ਹਾਂ ਅੱਗੇ ਕਿਹਾ ਕਿ ਇਹ ਆਜ਼ਾਦੀ ਦਿਵਸ ਮੌਕੇ ਸਰਕਾਰ ਵੱਲੋਂ ਇਲਾਕਾ ਨਿਵਾਸੀਆਂ ਨੂੰ ਤੋਹਫ਼ਾ ਦਿੱਤਾ ਗਿਆ ਹੈ।
ਜਲੰਧਰ ਦੇ ਪਿੰਡ ਰਾਓਵਾਲੀ ਦੇ ਇੱਕ ਹੋਰ ਵਸਨੀਕ ਸੋਮਨਾਥ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕੋਈ ਹਸਪਤਾਲ ਜਾਂ ਡਾਕਟਰ ਨਾ ਹੋਣ ਕਾਰਨ ਵਸਨੀਕਾਂ ਨੂੰ ਸ਼ਹਿਰ ਦੇ ਵੱਡੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਉਨ੍ਹਾਂ ਨੂੰ ਨਾ ਤਾਂ ਦਵਾਈਆਂ ਮੁਫਤ ਮਿਲਦੀਆਂ ਹਨ ਅਤੇ ਇਸ ਦੇ ਉਲਟ ਉਨ੍ਹਾਂ ਨੂੰ ਦਵਾਈਆਂ ਅਤੇ ਹੋਰ ਸਹੂਲਤਾਂ ਦਾ ਖ਼ਰਚਾ ਆਪਣੀ ਜੇਬ ਚੋਂ ਦੇਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਇੱਥੇ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।