ਅਜ਼ਾਦੀ ਦਿਹਾੜੇ ਮੌਕੇ ਆਂਗਣਵਾੜੀ ਵਰਕਰਾਂ ਵਲੋਂ ਮਾਣ ਭੱਤਾ ਨਾ ਮਿਲਣ ਕਰਕੇ ਕਾਲ਼ਾ ਦਿਵਸ ਮਨਾ ਕੇ ਆਪ ਦੇ ਵਿਧਾਇਕ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬਲਾਕ ਬਟਾਲਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਇੰਦਰਜੀਤ ਕੌਰ ਸਾਗਰਪੁਰਾ ਦੀ ਅਗਵਾਈ ਹੇਠ ਪਿਛਲੇ ਲੰਮੇ ਸਮੇਂ ਤੋਂ ਮਾਣ ਭੱਤਾ ਨਾ ਮਿਲਣ ਕਰਕੇ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਕਾਲਾ ਦਿਵਸ ਮਨਾਇਆ ਗਿਆ ਤੇ ਕਾਲੀਆਂ ਚੁੰਨੀਆਂ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਸ਼ੇਰ ਸਿੰਘ (ਸ਼ੇਰੀ ਕਲਸੀ) ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲੀਆਂ ਤੇ ਵਰਕਰਾਂ ਤੇ ਹੈਲਪਰਾਂ ਰੁਲਦੀਆਂ ਫਿਰਦੀਆਂ ਹਨ ਤੇ ਮਹਿੰਗਾਈ ਦੇ ਯੁੱਗ ਵਿੱਚ ਮੁਸ਼ਕਿਲਾਂ ਭਰੀ ਜ਼ਿੰਦਗੀ ਕੱਟ ਰਹੀਆਂ ਹਨ। ਉਹਨਾਂ ਕਿਹਾ ਕਿ ਐਨ ਜੀ ਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਾਂ ਤਨਖਾਹਾਂ ਮਿਲੀਆਂ ਨੂੰ ਲਗਭਗ 10 ਮਹੀਨੇ ਬੀਤ ਗਏ ਹਨ ਜਦੋਂ ਕਿ ਮੁੱਖ ਵਿਭਾਗ ਵਿੱਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ।
ਉਹਨਾਂ ਮੰਗ ਕੀਤੀ ਹੈ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਮੇਂ ਦੀਆਂ ਸਾਰੀਆਂ ਤਨਖਾਹਾ ਮਾਣ ਭੱਤੇ ਤੁਰੰਤ ਕਲੀਅਰ ਕੀਤੇ ਜਾਣ। ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾ ਤੇ ਹੈਲਪਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੀ 3 ਤਰੀਕ ਤੱਕ ਸੈਂਟਰ ਅਤੇ ਸਟੇਟ ਫੰਡ ਇਕੱਠਾ ਦਿੱਤਾ ਜਾਵੇ । ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਇਸ ਤੋਂ ਵੀ ਵੱਡਾ ਕੀਤਾ ਜਾਵੇਗਾ |