ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾ ਕੇ ਤਰੱਕੀ ਤੇ ਸਫ਼ਲਤਾ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਗਟਾਵਾ ਕੀਤਾ।
ਤਰਨ ਤਾਰਨ ਦੇ ਪੁਲਿਸ ਲਾਈਨ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਪੰਜਾਬੀਆਂ ਨੇ ਸੂਬੇ ਦਾ ਮਾਣ ਵਧਾਇਆ ਹੈ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ. ਜੌੜਾਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ, ਅਮਨ-ਕਾਨੂੰਨ, ਸ਼ਹਿਰੀ ਸਹੂਲਤਾਂ, ਬੁਨਿਆਦੀ ਢਾਂਚੇ, ਸ਼ਹਿਰੀ ਤੇ ਪੇਂਡੂ ਵਿਕਾਸ ਅਤੇ ਨਿਵੇਸ਼ ਪੱਖੀ ਉਦਯੋਗਿਕ ਮਾਹੌਲ ਸਿਰਜਣ ਸਮੇਤ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵੱਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਲਗਭਗ 17 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਇਨ੍ਹਾਂ ਵਿੱਚ ਹਰੇਕ ਪਰਿਵਾਰ ਲਈ 600 ਯੂਨਿਟ ਮੁਫਤ ਬਿਜਲੀ ਦੇਣਾ ਸ਼ਾਮਲ ਹੈ ਜਿਸ ਦਾ 90 ਫ਼ੀਸਦੀ ਖਪਤਕਾਰਾਂ ਨੂੰ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਾਡੇ ਬੱਚਿਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ 117 ਸਕੂਲ ਆਫ ਐਮੀਨੈਸ ਖੋਲ੍ਹਣਾ, ਨੌਜਵਾਨਾਂ ਨੂੰ 31000 ਤੋਂ ਵੱਧ ਸਰਕਾਰੀ ਨੌਕਰੀਆਂ, 12000 ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ, ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ, ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਗਠਨ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਦੁੱਗਣਾ ਕਰਕੇ 1 ਕਰੋੜ ਰੁਪਏ ਕਰਨਾ ਸ਼ਾਮਲ ਹਨ।
ਸ. ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਲਈ 76 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਚਾਰ ਕਲੀਨਿਕ ਤਰਨ ਤਾਰਨ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ। ਨਵੇਂ ਕਲੀਨਿਕ ਖੁੱਲ੍ਹਣ ਨਾਲ ਹੁਣ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਗਈ ਹੈ, ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।