ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਸਬੰਧੀ ਉੱਤਰੀ ਭਾਰਤ ਦੀਆਂ 16 ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਚੰਡੀਗੜ੍ਹ ਅਤੇ ਨਾਲ ਸੂਬਿਆਂ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਣ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਤੋਂ ਇਲਾਵਾ ਮਾਹੌਲ ਉਸ ਵੇਲੇ ਵੀ ਹੋਰ ਭੱਖ ਗਿਆ ਜਦੋਂ ਸੰਗਰੂਰ ਵਿੱਚ ਬੀਤੇ ਦਿਨੀਂ ਇਕ ਪ੍ਰਦਰਸ਼ਨ ਦੌਰਾਨ ਇਕ ਕਿਸਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਖ਼ਰਾਬੇ ਦੇ ਮੁਆਵਜ਼ੇ ਲਈ ਕਿਸਾਨ ਜਥੇਬੰਦੀਆਂ ਨੇ ਬੀਤੇ ਦਿਨੀਂ ਸੰਗਰੂਰ ਵਿੱਚ ਪ੍ਰਦਰਸ਼ਨ ਕੀਤਾ ਸੀ ਜਿਥੇ ਇਕ ਕਿਸਾਨ ਦੀ ਮੌਤ ਹੋ ਗਈ। ਕਿਸਾਨਾਂ ਕੇਂਦਰ ਸਰਕਾਰ ਤੋਂ 50 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਕਾਰਨ ਹੋਏ ਖ਼ਰਾਬੇ ਲਈ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦੀ ਮੰਗ ਹੈ ਕਿ ਹੜ੍ਹਾਂ ਵਿੱਚ ਜਾਨ ਗਵਾਉਣ ਵਾਲੇ ਪਰਿਵਾਰਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਇਹ ਵੀ ਮੰਗ ਕਰ ਰਹੇ ਹਨ ਕਿ ਇਕ ਸਾਲ ਲਈ ਹਰ ਤਰ੍ਹਾਂ ਦੇ ਕਰਜ਼ੇ ਉਪਰ ਵਿਆਜ ਮੁਆਫ਼ ਕੀਤਾ ਜਾਵੇ।