ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਵਾਰ ਫਿਰੋਜ਼ਪੁਰ ਸੰਸਦੀ ਹਲਕੇ ਦੇ ਲੋਕਾਂ ਨੇ ਕਰੀਬ 2 ਲੱਖ ਵੋਟਾਂ ਦੇ ਫ਼ਰਕ ਨਾਲ ਜਿਤਾ ਕੇ ਲੋਕ ਸਭਾ ਲਈ ਭੇਜਿਆ ਸੀ ਅਤੇ ਲੋਕਾਂ ਨੂੰ ਉਮੀਦ ਸੀ ਕਿ ਜਿਸ ਤਰ੍ਹਾਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦਾ ਸਰਬਪੱਖੀ ਵਿਕਾਸ ਕਰਵਾ ਕੇ ਬਠਿੰਡਾ ਦੇ ਲੋਕਾਂ ਦੀ ਤਕਦੀਰ ਬਦਲ ਦਿੱਤੀ ਸੀ, ਉਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਵੀ ਫਿਰੋਜ਼ਪੁਰ ਦਾ ਸਰਬਪੱਖੀ ਵਿਕਾਸ ਕਰਵਾਉਣਗੇ ਪਰ ਚੋਣ ਜਿੱਤਣ ਤੋਂ ਬਾਅਦ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰੇ। ਇਹ ਦੋਸ਼ ਲਗਾਉਂਦੇ ਹੋਏ ਉਨ੍ਹਾਂ ਦੇ ਵਿਰੋਧੀਆਂ ਦਾ ਮੰਨਣਾ ਹੈ ਕਿ ਚੋਣ ਜਿੱਤਣ ਤੋਂ ਬਾਅਦ ਸੁਖਬੀਰ ਕਦੇ ਵੀ ਫਿਰੋਜ਼ਪੁਰ ਦੇ ਲੋਕਾਂ ਨੂੰ ਜਨਤਕ ਤੌਰ ’ਤੇ ਮਿਲਣ ਨਹੀਂ ਆਏ ਅਤੇ ਹੁਣ ਜਦੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਫਿਰੋਜ਼ਪੁਰ ਦੇ ਕਰੀਬ 50 ਪਿੰਡ ਪੂਰੀ ਤਰ੍ਹਾਂ ਪਾਣੀ ਦੀ ਮਾਰ ਹੇਠ ਹਨ ਤਾਂ ਸੁਖਬੀਰ ਸਿੰਘ ਬਾਦਲ ਇਕ ਵਾਰ ਵੀ ਉਨ੍ਹਾਂ ਦਾ ਹਾਲ-ਚਾਲ ਪੁੱਛਣ ਨਹੀਂ ਆਏ ਅਤੇ ਨਾ ਹੀ ਲੋਕਾਂ ਨੂੰ ਕੋਈ ਲੋੜੀਂਦਾ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਇਆ।
ਉਨ੍ਹਾਂ ਦੇ ਵਿਰੋਧੀਆਂ ਦਾ ਮੰਨਣਾ ਹੈ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਫਿਰੋਜ਼ਪੁਰ ਸੰਸਦੀ ਹਲਕੇ ਦੇ ਲੋਕ ਸੁਖਬੀਰ ਸਿੰਘ ਬਾਦਲ ਜਾਂ ਉਨ੍ਹਾਂ ਦੇ ਉਮੀਦਵਾਰ ਨੂੰ ਕਿਸੇ ਵੀ ਹਾਲਤ ’ਚ ਵੋਟ ਨਹੀਂ ਪਾਉਣਗੇ। ਇਸੇ ਗੁੱਸੇ ਨੂੰ ਲੈ ਕੇ ਫਿਰੋਜ਼ਪੁਰ ’ਚ ਸੁਖਬੀਰ ਸਿੰਘ ਬਾਦਲ ਦੇ ਗੁੰਮਸ਼ੁਦਾ ਦੀ ਤਲਾਸ਼ ਵਾਲੇ ਪੋਸਟਰ ਲਗਾਏ ਗਏ ਹਨ, ਜਿਸ ’ਚ ਲਿਖਿਆ ਗਿਆ ਹੈ ਕਿ ਗੁੰਮਸ਼ੁਦਾ ਦੀ ਭਾਲ ਕਰਨ ਵਾਲੇ ਨੂੰ ਉਚਿਤ ਇਨਾਮ।