ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਪਹਿਲਾਂ ਹੀ ਹੜ੍ਹਾਂ ਦੀ ਕੁਦਰਤੀ ਕਰੋਪੀ ਨੇ ਉਜਾੜ ਕੇ ਰੱਖ ਦਿੱਤਾ ਤੇ ਉੱਪਰੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਜਾਣਾ ਕਿਸੇ ਵੀ ਤਰਾਂ ਜਾਇਜ ਨਹੀਂ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਮਿਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ, ਤਾਂ ਜੋ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣਾ ਪਵੇ । ਉਹਨਾਂ ਸੰਗਰੂਰ ਜ਼ਿਲ੍ਹੇ ਵਿੱਚ ਹੋਏ ਕਿਸਾਨਾਂ ਤੇ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਵੀ ਕੀਤੀ ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਕਿਸਾਨ ਦੀ ਹੋਈ ਮੌਤ ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਕੀਤੀ।
ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ, ਉਹ ਰਾਸ਼ੀ ਬਿਨਾ ਦੇਰੀ ਕਿਸਾਨਾਂ ਨੂੰ ਮੁਹੱਈਆ ਵੀ ਕਰ ਦੇਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪੰਜਾਬ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਅੱਗੇ ਆਵੇ । ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨ ਦਾਤਾ ਹੈ ਤੇ ਆਫਤ ਦੀ ਘੜੀ ਸਮੇਂ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਵੱਧ ਤੋਂ ਵੱਧ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਨੁਕਸਾਨੇ ਗਏ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਕੁੱਝ ਰਾਹਤ ਮਿਲ ਸਕੇ।