ਅੰਮ੍ਰਿਤਸਰ (ਦਲਜੀਤ)- ਡੇਂਗੂ ਅਤੇ ਚਿਕਨਗੁਨੀਆ ਫੈਲਾਉਣ ਵਾਲੇ ਮੱਛਰ ਏਡੀਜ਼ ਇਜਿਪਟੀ ਦੇ ਕੱਟਣ ਨਾਲ ਲੋਕਾਂ ਨੂੰ ਇਹ ਵਾਇਰਸ ਬਿਮਾਰ ਕਰ ਰਿਹਾ ਹੈ। ਜ਼ਿਲ੍ਹੇ ਵਿੱਚ ਡੇਂਗੂ ਦੇ ਤਿੰਨ ਤੋਂ ਵੱਧ ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਡੇਂਗੂ ਲਈ 26 ਹੌਟ-ਸਪਾਟ ਸੈਂਟਰ ਬਣਾਏ ਗਏ ਹਨ, ਜਦੋਂ ਕਿ ਚਿਕਨਗੁਨੀਆ ਲਈ 25 ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 46 ਟੀਮਾਂ ਬਣਾ ਕੇ ਵਿਭਾਗ ਵੱਲੋਂ ਵਾਇਰਸ ਫੈਲਾਉਣ ਵਾਲੇ ਮੱਛਰ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣ ਦਿਖਾਈ ਦੇਣ ’ਤੇ ਘਬਰਾਉਣ ਦੀ ਲੋੜ ਨਹੀਂ, ਲੋਕ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੇ ਮੁਫ਼ਤ ਇਲਾਜ ਦਾ ਲਾਭ ਉਠਾਉਣ।
ਜਾਣਕਾਰੀ ਅਨੁਸਾਰ ਡੇਂਗੂ ਅਤੇ ਚਿਕਨਗੁਨੀਆ ਦੇ ਮਾਮਲੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਕਿਤੇ-ਕਿਤੇ ਪ੍ਰਾਈਵੇਟ ਡਾਕਟਰ ਅਤੇ ਹਸਪਤਾਲ ਮਰੀਜ਼ਾਂ ਨੂੰ ਗੁੰਮਰਾਹ ਕਰ ਕੇ ਟੈਸਟ ਕਰਵਾਏ ਬਿਨਾਂ ਹੀ ਉਨ੍ਹਾਂ ਨੂੰ ਦਹਿਸ਼ਤ ਵਿੱਚ ਪਾ ਰਹੇ ਹਨ। ਉਨ੍ਹਾਂ ਦੇ ਸਰੀਰ ਦੇ ਪਲੇਟਲੈਟ ਸੈੱਲ ਅਤੇ ਹੋਰ ਟੈਸਟ ਠੀਕ ਹੋਣ ਦੇ ਬਾਵਜੂਦ ਵੀ ਉਹ ਦਾਖ਼ਲ ਕਰ ਕੇ ਮੋਟੀ ਕਮਾਈ ਕਰ ਰਹੇ ਹਨ। ਇਸ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਵਾਰ-ਵਾਰ ਅਪੀਲ ਕੀਤੀ ਹੈ ਕਿ ਉਕਤ ਬਿਮਾਰੀਆਂ ਦੇ ਲੱਛਣ ਪਾਏ ਜਾਣ ’ਤੇ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਆਪਣੇ ਟੈਸਟ ਮੁਫ਼ਤ ਕਰਵਾਉਣ।
ਡੇਂਗੂ ਅਤੇ ਚਿਕਨਗੁਨੀਆ ਦੇ ਕੇਸ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹਨ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ, ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜੋ ਹਾਟ-ਸਪਾਟ ਸੈਂਟਰ ਬਣਾਏ ਗਏ ਹਨ, ਜਿੱਥੇ ਡੇਂਗੂ ਅਤੇ ਚਿਕਨਗੁਨੀਆ ਦੇ ਤਿੰਨ ਤੋਂ ਵੱਧ ਮਰੀਜ਼ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਜਦੋਂ ਮਰੀਜ਼ ਠੀਕ ਹੋ ਜਾਂਦੇ ਹਨ ਤਾਂ ਇਹ ਹੌਟ-ਸਪਾਟ ਖ਼ਤਮ ਹੋ ਜਾਂਦੇ ਹਨ ਅਤੇ ਜਦੋਂ ਨਵੇਂ ਮਰੀਜ਼ ਆਉਂਦੇ ਹਨ ਤਾਂ ਉਨ੍ਹਾਂ ਕੇਂਦਰਾਂ ਨੂੰ ਹੌਟ-ਸਪਾਟ ਬਣਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾਉਣਾ ਚਾਹੀਦਾ ਹੈ। ਸਿਹਤ ਵਿਭਾਗ ਵੱਲੋਂ ਉਕਤ ਬਿਮਾਰੀਆਂ ਦੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ ਅਤੇ ਮੁਫ਼ਤ ਇਲਾਜ ਕੀਤਾ ਜਾਂਦਾ ਹੈ।