ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਿਕਾਸ ਕਾਰਜਾਂ ਸਬੰਧੀ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲਾਇਬਰੇਰੀਆਂ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਪੰਚਾਇਤ ਭਵਨ ਜਾਂ ਫੇਰ ਹੋਰ ਕਿਸੇ ਸਰਕਾਰੀ ਇਮਾਰਤ ਵਿੱਚ ਲਾਇਬਰੇਰੀਆਂ ਸਥਾਪਤ ਕੀਤੀਆਂ ਜਾਣ ਤਾਂ ਜੋ ਪਿੰਡਾਂ ਵਿੱਚ ਪੁਸਤਕ ਸਭਿਆਚਾਰ ਨੂੰ ਬੜ੍ਹਾਵਾ ਮਿਲ ਸਕੇ। ਉਨ੍ਹਾਂ ਕਿਹਾ ਕਿ ਲਾਇਬਰੇਰੀ ਬਣਾਉਣ ਲਈ ਕਿਸੇ ਵੱਡੀ ਇਮਾਰਤ ਤੇ ਜ਼ਿਆਦਾ ਬੁਨਿਆਦੀ ਢਾਂਚੇ ਦੀ ਲੋੜ ਨਹੀਂ ਹੈ ਸਗੋਂ ਕਿਸੇ ਸਾਂਝੇ ਸਥਾਨ ਨੂੰ ਕਿਤਾਬਾਂ ਰੱਖਣ ਲਈ ਵਰਤਿਆ ਜਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਲੇਟ ਨਾ ਹੋਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਕਸਦ ਵੱਖ ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ 'ਚ ਤੇਜ਼ੀ ਲਿਆਉਣਾ ਹੈ।
ਮੀਟਿੰਗ ਵਿੱਚ ਐਸ.ਪੀ. ਹਰਵੰਤ ਕੌਰ, ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਸਿੰਘਲਾ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।