ਪਟਿਆਲਾ : ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਵਿਸ਼ੇਸ਼ ਕਰਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਸਰਫ਼ੇਸ ਸੀਡਰ ਨਾਮ ਦੀ ਮਸ਼ੀਨ ਰਿਆਇਤੀ ਦਰਾਂ ’ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਗੁਰਨਾਮ ਸਿੰਘ ਨੇ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਲੈਣ ਲਈ ਕਿਸਾਨ 10 ਸਤੰਬਰ 2023 ਸ਼ਾਮ 05:00 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਉੱਤੇ ਵਿਅਕਤੀਗਤ ਕਿਸਾਨਾਂ ਨੂੰ 40 ਹਜ਼ਾਰ ਰੁਪਏ ਅਤੇ ਕਸਟਮ ਹਾਇਰਿੰਗ ਸੈਂਟਰ 64 ਹਜ਼ਾਰ ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸਰਫੇਸ ਸੀਡਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਵੀਂ ਵਿਕਸਿਤ ਕੀਤੀ ਮਸ਼ੀਨ ਹੈ ਜੋ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਾਫ਼ੀ ਲਾਹੇਵੰਦ ਹੈ। ਇਹ ਮਸ਼ੀਨ ਘੱਟ ਹਾਰਸ ਪਾਵਰ ਵਾਲੇ ਟਰੈਕਟਰ ਨਾਲ ਵੀ ਅਰਾਮ ਨਾਲ ਚਲਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਝੋਨੇ ਦੇ ਖੇਤ ਨੂੰ ਅਖੀਰਲਾ ਪਾਣੀ (ਜ਼ਮੀਨ ਦੀ ਕਿਸਮ ਮੁਤਾਬਿਕ) ਇਸ ਤਰ੍ਹਾਂ ਲਾਓ ਤਾਂ ਕਿ ਕਟਾਈ ਸਮੇਂ ਖੇਤ ਖ਼ੁਸ਼ਕ ਹੋਵੇ ਤਾਂ ਕਿ ਕੰਬਾਈਨ ਦੇ ਟਾਇਰਾਂ ਦੀਆਂ ਪੈੜਾਂ ਨਾ ਪੈਣ।
ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਇਸ ਮਸ਼ੀਨ ਦਾ ਲਾਭ ਲੈਣ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੇ ਨਕੇਲ ਪਾਈ ਜਾ ਸਕੇ ਤੇ ਵਾਤਾਵਰਣ ਵਿੱਚ ਫੈਲਣ ਵਾਲੇ ਹਵਾ ਪ੍ਰਦੂਸ਼ਣ, ਧਰਤੀ ਦੀ ਉਪਜਾਊ ਸ਼ਕਤੀ, ਮਨੁੱਖ ਤੇ ਹੋਰ ਜੀਵ ਜੰਤੂਆਂ ਦੀ ਸਿਹਤ ’ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਨੂੰ ਰੋਕਿਆ ਜਾ ਸਕੇ।