ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ ਤਾਂ ਜੋ ਨਸ਼ੇ ਉੱਤੇ ਠੱਲ ਪਾਈ ਜਾ ਸਕੇ। ਅਜਿਹੇ ‘ਚ ਹੁਣ ਪੰਜਾਬ ਪੁਲਿਸ ਦਾ ਸਾਥ ਦੇਣ ਲਈ ਪੰਜਾਬੀ ਅਦਾਕਾਰ ਗੁੱਗੂ ਗਿੱਲ ਵੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜ ਗਏ ਹਨ।ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਨਸ਼ਾ ਮਾੜਾ ਹੁੰਦਾ ਹੈ, ਪਰ ਚਿੱਟੇ ਦੇ ਨਸ਼ੇ ਨੇ ਹਰ ਘਰ ਬਰਬਾਦ ਕਰ ਦਿੱਤਾ ਹੈ।
ਗੁੱਗੂ ਗਿੱਲ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ ਭੈਣਾਂ ਦੀ ਰੰਗਲੀ ਚੁੰਨੀਆਂ ਸਫੇਦ ਕਰ ਦਿੱਤੀਆਂ ਹਨ। ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ। ਪਰ ਕੋਈ ਵੀ ਸਰਕਾਰ ਜਾਂ ਪੁਲਿਸ ਅਜਿਹੀ ਲੜਾਈ ਇਕੱਲੇ ਨਹੀਂ ਲੜ ਸਕਦੀ ਜਦੋਂ ਤੱਕ ਲੋਕ ਉਨ੍ਹਾਂ ਦੇ ਨਾਲ ਨਹੀਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਾਥ ਦੇਣ, ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ |ਅਦਾਕਾਰ ਗੁੱਗੂ ਗਿੱਲ ਨੇ ਕਿਹਾ ਕਿ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿੱਚ ਇਲਾਜ ਮੁਫ਼ਤ ਹੈ। ਕੋਈ ਵੀ ਉੱਥੇ ਜਾ ਕੇ ਆਪਣਾ ਜਾਂ ਆਪਣੇ ਰਿਸ਼ਤੇਦਾਰਾਂ ਦਾ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਦੀ ਪੁਲੀਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਧੰਨਵਾਦ ਕੀਤਾ।