ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਬੇਰੋਜ਼ਗਾਰੀ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਅੱਗੇ ਵੱਧ ਰਹੇ ਹਨ ਅਤੇ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰੀ ਵਿਭਾਗਾਂ ਵਿੱਚ ਬਿਨਾਂ ਕਿਸੇ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਤੋਂ ਨਿਰੋਲ ਯੋਗਤਾ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬੱਚਤ ਭਵਨ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ 50 ਦੇ ਕਰੀਬ ਆਂਗਨਵਾੜੀ ਵਰਕਰਾਂ ਤੇ ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਨੌਕਰੀਆਂ ਸਿਰਫ ਸਿਫਾਰਸ਼ਾਂ ਜਾਂ ਪੈਸਿਆਂ ਦੇ ਬਲ ਤੇ ਹੀ ਮਿਲਦੀਆਂ ਰਹੀਆਂ ਹਨ ਪ੍ਰੰਤੂ ਸਾਡੀ ਸਰਕਾਰ ਨੇ ਪੰਜਾਬ ਅੰਦਰ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਪੜ੍ਹੇ ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਤੋਂ ਕਿਹਾ ਜਾ ਸਕਦਾ ਹੈ ਕਿ ਆਪਣਾ ਦੇਸ਼ ਛੱਡ ਕੇ ਵਿਦੇਸ਼ ਜਾਣ ਬਾਰੇ ਨੌਜਵਾਨਾਂ ਵਿੱਚ ਵੱਧ ਰਿਹਾ ਰੁਝਾਨ ਬਹੁਤ ਜਲਦੀ ਖ਼ਤਮ ਹੋ ਜਾਵੇਗਾ ਅਤੇ ਨੌਜਵਾਨ ਆਪਣੇ ਦੇਸ਼ ਅਤੇ ਸੂਬੇ ਵਿੱਚ ਰਹਿ ਕੇ ਹੀ ਆਪਣਾ ਭਵਿੱਖ ਉਜਵਲ ਕਰਨਗੇ।
ਆਂਗਨਵਾੜੀ ਕੇਂਦਰਾਂ ਨੂੰ ਮਾਡਲ ਆਂਗਨਵਾੜੀ ਕੇਂਦਰਾਂ ਵਜੋਂ ਛੇਤੀ ਹੀ ਕੀਤਾ ਜਾਵੇਗਾ ਵਿਕਸਤ
ਵਿਧਾਇਕ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਦੋਂ ਤੋਂ ਸੂਬੇ ਦੀ ਵਾਗ ਡੋਰ ਸੰਭਾਲੀ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਕਰੀਬ 35000 ਬੇਰੋਜ਼ਗਾਰਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਹਨ ਅਤੇ ਨੌਕਰੀਆਂ ਦੇਣ ਦਾ ਇਹ ਅੰਕੜਾ ਹਰੇਕ ਸਾਲ ਇਸੇ ਤਰ੍ਹਾਂ ਅੱਗੇ ਵੱਧਦਾ ਰਹੇਗਾ। ਉਨ੍ਹਾਂ ਨਵ-ਨਿਯੁਕਤ ਆਂਗਨਵਾੜੀ ਵਰਕਰਾਂ ਤੇ ਆਂਗਨਵਾੜੀ ਹੈਲਪਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਮਾਜ ਦੇ ਨਿਰਮਾਣ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਕਿਉਂਕਿ ਉਹ ਇਨਸਾਨ ਦੇ ਜਨਮ ਤੋਂ ਲੈਂ ਕੇ ਅਖੀਰ ਤੱਕ ਉਸ ਦੀ ਸੇਵਾ ਕਰਦੀਆਂ ਹਨ। ਉਨ੍ਹਾਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਬਿਨਾਂ ਕਿਸੇ ਭੇਦ ਭਾਵ ਤੋਂ ਲੋਕਾਂ ਦੀ ਸੇਵਾ ਕਰਨ ਅਤੇ ਸਰਕਾਰ ਵੱਲੋਂ ਛੋਟੇ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਉਂਦੀਆਂ ਮਾਵਾਂ ਲਈ ਜੋ ਵੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਹੇਠਲੇ ਪੱਧਰ ਤੱਕ ਹਰੇਕ ਯੋਗ ਵਿਅਕਤੀ ਤੱਕ ਲਾਭ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਂਗਨਵਾੜੀ ਸੈਂਟਰਾਂ ਨੂੰ ਮਾਡਲ ਆਂਗਨਵਾੜੀ ਸੈਂਟਰ ਬਣਾਉਣ ਲਈ ਪੰਜਾਬ ਸਰਕਾਰ ਛੇਤੀ ਹੀ ਕਦਮ ਚੁੱਕਣ ਜਾ ਰਹੀ ਹੈ ਅਤੇ ਜਲਦੀ ਹੀ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਮਾਡਲ ਆਂਗਨਵਾੜੀ ਕੇਂਦਰ ਬਣਾਇਆ ਜਾਵੇਗਾ।
ਆਂਗਨਵਾੜੀ ਵਰਕਰ ਤੇ ਹੈਲਪਰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ : ਐਸ.ਡੀ.ਐਮ.
ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਆਂਗਨਵਾੜੀ ਵਰਕਰਾਂ ਤੇ ਆਂਗਨਵਾੜੀ ਹੈਲਪਰਾਂ ਨੂੰ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਆਮ ਲੋਕਾਂ ਨਾਲ ਬਹੁਤ ਨੇੜਲਾ ਰਿਸ਼ਤਾ ਹੁੰਦਾ ਹੈ ਇਸ ਲਈ ਤੁਹਾਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਇੱਕ ਸੇਵਾ ਵਜੋਂ ਨਿਭਾਉਣੀ ਚਾਹੀਦੀ ਹੈ ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪੁੱਜ ਸਕੇ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਸੀ.ਡੀ.ਪੀ.ਓ. ਰਾਹੁਲ ਅਰੋੜਾ, ਸੀ.ਡੀ.ਪੀ.ਓ. ਖੇੜਾ ਸ਼੍ਰੀਮਤੀ ਵੀਨਾ ਭਗਤ, ਸੀ.ਡੀ.ਪੀ.ਓ. ਬਸੀ ਪਠਾਣਾ ਸ਼੍ਰੀਮਤੀ ਸ਼ਰਨਜੀਤ ਕੌਰ, ਵਿਧਾਇਕ ਦੇ ਪੀ.ਏ. ਬਹਾਦਰ ਖਾਨ, ਸਤੀਸ਼ ਲਟੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਵ-ਨਿਯੁਕਤ ਆਂਗਨਵਾੜੀ ਵਰਕਰ, ਆਂਗਨਵਾੜੀ ਹੈਲਪਰ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਹੋਰ ਪਤਵੰਤੇ ਹਾਜਰ ਸਨ।