ਦਰਸ਼ਨ ਸਿੰਘ ਚੌਹਾਨ, ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਭਾਰਤ ਨੂੰ ਤੋੜਣ ਵਾਲੀ ਕਾਂਗਰਸ ਹੁਣ ਭਾਰਤ ਨੂੰ ਇਕਜੁੱਟ ਕਰਨ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲੀਆ ਲਹਿਜੇ ਵਿੱਚ ਕਾਂਗਰਸ ਨੂੰ ਪੁੱਛਿਆ ਕਿ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਵਾਲੀ ਕਾਂਗਰਸ ਹੁਣ ਕੇਂਦਰ ਸਰਕਾਰ ਵੱਲੋਂ ਭਾਰਤ ਸ਼ਬਦ ਦੀ ਵਰਤੋਂ ’ਤੇ ਇਤਰਾਜ਼ ਕਿਉਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੇਂਦਰ ਵਿੱਚ ਸਤਾ ਹਥਿਆਉਣ ਲਈ ਮੁਲਕ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਪੁਰਾਣੀ ਅਨਾਜ਼ ਮੰਡੀ ਸਥਿਤ ਸੰਜੇ ਗੋਇਲ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਅਰਵਿੰਦ ਖੰਨਾ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਵਿੱਚ ਭਾਰਤ ਦਾ ਵਾਰ-ਵਾਰ ਜ਼ਿਕਰ ਕੀਤਾ ਗਿਆ ਹੈ। ਕਾਂਗਰਸ ਆਪਣੇ ਰਾਜ ਦੌਰਾਨ ਵੀ ਭਾਰਤ ਸ਼ਬਦ ਦੀ ਵਰਤੋਂ ਕਰਦੀ ਰਹੀ ਹੈ।
ਭਾਰਤੀ ਜਨਤਾ ਪਾਰਟੀ ਮੁੜ ਸਰਕਾਰ ਬਣਾਏਗੀ
ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 303 ਤੋਂ ਵੱਧ ਸੀਟਾਂ ਜਿੱਤਕੇ ਕੇਂਦਰ ਵਿੱਚ ਮੁੜ ਸਰਕਾਰ ਬਣਾਏਗੀ। ਭਾਜਪਾ ਆਗੂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗੱਠਜੋੜ 'ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਇੱਕ ਦੂਜੇ 'ਤੇ ਗੰਭੀਰ ਦੋਸ਼ ਲਗਾਉਂਦੀਆ ਰਹੀਆਂ ਹਨ। ‘ਆਪ’ ਸਰਕਾਰ ਕਾਂਗਰਸ ਦੇ ਕਈ ਸਾਬਕਾ ਮੰਤਰੀਆਂ ਤੇ ਆਗੂਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਰਜ ਕਰਕੇ ਕਾਰਵਾਈ ਕਰ ਰਹੀ ਹੈ। ਦੇਸ਼ ਦੇ ਲੋਕ ਇਸ ਗੱਠਜੋੜ ਨੂੰ ਸਵੀਕਾਰ ਨਹੀਂ ਕਰਨਗੇ।
'ਆਪ' ਸਰਕਾਰ ਨੀਂਹ ਝੂਠ 'ਤੇ ਟਿਕੀ
ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਨੀਂਹ ਝੂਠ’ਤੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜੇਕਰ ਕੋਈ ਸਭ ਤੋਂ ਵੱਧ ਝੂਠ ਬੋਲਣ ਵਿੱਚ ਮਾਹਿਰ ਹੈ ਤਾਂ ਉਹ ਆਮ ਆਦਮੀ ਪਾਰਟੀ ਦੇ ਆਗੂ ਹਨ। ਉਨ੍ਹਾਂ ਕਿਹਾ ਪੰਜਾਬ ਵਿੱਚੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨਸ਼ਿਆਂ ਦਾ ਦਰਿਆ ਬਣ ਚੁੱਕਾ ਹੈ। ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਆਪਣੇ ਸਿਖਰ 'ਤੇ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹੈ। ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ, ਧਰਮਿੰਦਰ ਸਿੰਘ ਦੁੱਲਟ, ਹਰੀਸ਼ ਟੁਟੇਜਾ, ਡਾਕਟਰ ਜਗਮਿੰਦਰ ਸੈਣੀ, ਸ਼ੰਕਰ ਬਾਂਸਲ, ਚੰਦ ਸਿੰਘ ਚੱਠਾ, ਯੋਗੇਸ਼ ਗਰਗ, ਰੁਲਦੂ ਰਾਮ ਗੁਪਤਾ ਆਦਿ ਹਾਜ਼ਰ ਸਨ ।