ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੋਮਵਾਰ ਨੂੰ ਕੈਬਨਿਟ ਦੀ ਬੈਠਕ ਬੁਲਾਈ ਹੈ। ਬੈਠਕ 'ਚ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਮੋਦੀ ਸਰਕਾਰ 5 ਦਿਨਾਂ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੰਸਦ 'ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰ ਸਕਦੀ ਹੈ। ਮਹਿਲਾ ਰਿਜ਼ਰਵੇਸ਼ਨ ਬਿੱਲ ਲਗਭਗ 27 ਸਾਲਾਂ ਤੋਂ ਲਟਕਿਆ ਹੋਇਆ ਹੈ ਅਤੇ ਹੁਣ ਸਰਕਾਰ ਇਸ 'ਤੇ ਇਹ ਵੱਡਾ ਕਦਮ ਚੁੱਕਣ ਜਾ ਰਹੀ ਹੈ।
ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਨੇ ਸੋਮਵਾਰ ਨੂੰ ਸਰਕਾਰ ਨੂੰ ਸੰਸਦ ਦੇ ਮੌਜੂਦਾ ਸੈਸ਼ਨ 'ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰਨ ਅਤੇ ਇਸ ਨੂੰ ਸਰਬਸੰਮਤੀ ਨਾਲ ਪਾਸ ਕਰਵਾਉਣ ਦੀ ਅਪੀਲ ਕੀਤੀ, ਜਦਕਿ ਭਾਜਪਾ ਨੇ ਸਵਾਲ ਉਠਾਇਆ ਕਿ ਮੁੱਖ ਵਿਰੋਧੀ ਧਿਰ, ਜੋ 57 ਸਾਲਾਂ ਤੋਂ ਸੱਤਾ 'ਚ ਸੀ, ਨੇ ਇਸ ਵਿਸ਼ੇ 'ਤੇ ਕੀ ਕੀਤਾ?
ਸੰਸਦ ਦੇ 5 ਰੋਜ਼ਾ ਸੈਸ਼ਨ ਦੇ ਪਹਿਲੇ ਦਿਨ 'ਸੰਵਿਧਾਨ ਸਭਾ ਤੋਂ ਸ਼ੁਰੂ ਹੋਏ ਸੰਸਦੀ ਸਫ਼ਰ ਦੇ 75 ਸਾਲ- ਉਪਲਬਧੀਆਂ, ਅਨੁਭਵ, ਯਾਦਾਂ ਅਤੇ ਸਬਕ' ਵਿਸ਼ੇ 'ਤੇ ਦੋਵਾਂ ਸਦਨਾਂ 'ਚ ਚਰਚਾ ਸ਼ੁਰੂ ਹੋਈ। ਲੋਕ ਸਭਾ 'ਚ ਇਸ ਵਿਸ਼ੇ 'ਤੇ ਆਪਣੇ ਸੰਬੋਧਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ 75 ਸਾਲਾਂ 'ਚ ਭਾਰਤੀ ਲੋਕਤੰਤਰ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਹੈ ਕਿ ਸੰਸਦ 'ਚ ਆਮ ਲੋਕਾਂ ਦਾ ਭਰੋਸਾ ਵਧਿਆ ਹੈ।