ਸਮਾਣਾ, (ਦਲਜਿੰਦਰ ਸਿੰਘ) : ਆਉਂਦੇ ਤਿਓਹਾਰਾਂ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਥਾਣਾ ਸਦਰ ਸਮਾਣਾ ਮੁਖੀ ਇੰਸਪੈਕਟਰ ਰੋਨੀ ਸਿੰਘ ਨੇ ਕਿਹਾ ਕਿ ਆਉਣ ਵਾਲੇ ਤਿਓਹਾਰ ਸ਼ਾਤੀ, ਸਦਭਾਵਨਾ ਅਤੇ ਨਸ਼ੇ ਰਹਿਤ ਮਨਾਏ ਜਾਣ, ਤਾਂ ਜੋ ਹਰ ਕਿਸੇ ਦੇ ਘਰ-ਪਰਿਵਾਰ 'ਚ ਤਿਉਹਾਰਾਂ ਦੀ ਖੁਸ਼ੀ ਦੀਆਂ ਰੌਣਕਾਂ ਅਤੇ ਖੁਸ਼ੀਆਂ ਬਣੀਆਂ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿਉਹਾਰਾਂ ਮੌਕੇ ਥਾਣਾ ਸਦਰ ਅਧੀਨ ਪੈਂਦੇ ਪਿੰਡਾਂ ‘ਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪਿੰਡਾਂ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਵਲੋਂ ਪਿੰਡਾਂ 'ਚ ਅਮਨ-ਸ਼ਾਂਤੀ ਦੀ ਸਥਿਤੀ ਹਰ ਹਾਲਤ ਵਿੱਚ ਕਾਇਮ ਰੱਖੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ‘ਚ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕਿਸੇ ਸ਼ੱਕੀ ਗਤੀਵਿਧੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕਰਨ, ਤਾਂ ਜੋ ਪੁਲਿਸ ਵਲੋਂ ਤੁਰੰਤ ਇਸ ਸਬੰਧੀ ਕਾਰਵਾਈ ਕਰਦੇ ਇਲਾਕੇ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇ ।