ਸੁਨਾਮ , (ਦਰਸ਼ਨ ਸਿੰਘ ਚੌਹਾਨ) : ਕਾਰਗਿਲ ‘ਚ ਸਿਖਲਾਈ ਦੌਰਾਨ ਵਾਪਰੇ ਹਾਦਸੇ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਸ਼ੁੱਕਰਵਾਰ ਨੂੰ ਪਿੰਡ ਛਾਜਲੀ ਵਿਖੇ ਪਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਬਰਿੰਦਰ ਗੋਇਲ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਨੇ ਆਪਣੇ ਪਿੰਡ ਛਾਜਲੀ ਲਈ ਹੀ ਨਹੀਂ ਸਗੋਂ ਦੇਸ਼ ਦੀ ਸੇਵਾ ਲਈ ਕੁਰਬਾਨੀ ਦਿੱਤੀ ਹੈ ਜੋ ਕਿ ਬਹੁਤ ਘੱਟ ਲੋਕਾਂ ਦੇ ਹਿੱਸੇ ਆਉਂਦੀ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਦੇਸ਼ ਦੀ ਸੇਵਾ ਵਿੱਚ ਸ਼ਹੀਦ ਹੋਣ ਵਾਲੇ ਨੌਜਵਾਨਾਂ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੰਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਮੰਗਾਂ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਦਾ ਯੋਗ ਹੱਲ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਪੂਰੇ ਪਰਿਵਾਰ ਅੰਦਰ ਹੀ ਦੇਸ਼ ਸੇਵਾ ਦੀ ਭਾਵਨਾ ਭਰੀ ਹੋਈ ਹੈ ਕਿਉਂਕਿ ਉਸਦੇ ਪਿਤਾ ਫੌਜ ਵਿੱਚੋਂ ਹੀ ਸੇਵਾਮੁਕਤ ਹੋਏ ਹਨ ਜਦਕਿ ਭਰਾ ਵੀ ਭਾਰਤੀ ਫੌਜ ਵਿੱਚ ਹੀ ਨੌਕਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਫੌਜੀ ਜਵਾਨ ਮੁਸ਼ਕਿਲ ਤੋਂ ਮ਼ਸਕਿਲ ਹਾਲਾਤਾਂ ਵਿੱਚ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਜਿਨ੍ਹਾਂ ਸਦਕਾ ਹੀ ਅਸੀਂ ਸਾਰੇ ਆਰਾਮ ਦੀ ਨੀਂਦ ਸੌਂਦੇ ਹਾਂ। ਇਸ ਮੌਕੇ ਵਿਧਾਇਕ ਬਰਿੰਦਰ ਗੋਇਲ, ਤਪਿੰਦਰ ਸਿੰਘ ਸੋਹੀ, ਆਪ ਦੇ ਸੀਨੀਅਰ ਆਗੂ ਜੱਸੀ ਸੇਖੋਂ, ਇੰਦਰਜੀਤ ਸਿੰਘ ਬਾਵਾ ਧਾਲੀਵਾਲ, ਜਗਦੇਵ ਸਿੰਘ ਦੌਲਾ ਸਿੰਘ ਵਾਲਾ, ਮਹੰਤ ਅੰਮ੍ਰਿਤਬਣ ਛਾਜਲੀ, ਕਰਮ ਸਿੰਘ ਸੱਤ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਪਤਵੰਤੇ ਹਾਜ਼ਰ ਸਨ।