ਸੁਨਾਮ, (ਦਰਸ਼ਨ ਸਿੰਘ ਚੌਹਾਨ) : ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਘਾਸੀਵਾਲਾ ਵਿਖੇ ਇੱਕ ਕਿਸਾਨ ਦੇ ਘਰ ਹੋਈ ਚੋਰੀ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਸੀਰੀ (ਕਾਮੇ) ਖਿਲਾਫ ਦਰਜ਼ ਕੀਤਾ ਮੁਕੱਦਮਾ ਰੱਦ ਕਰਵਾਉਣ ਲਈ ਪਿੰਡ ਦੇ ਕਾਮਿਆਂ ਨੇ ਸੋਮਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਮਨਰੇਗਾ ਫਰੰਟ ਦੇ ਆਗੂਆਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦੇ ਚਹੇਤਿਆਂ ਦੀ ਸ਼ਹਿ ਤੇ ਪੁਲਿਸ ਨੇ ਕਥਿਤ ਤੌਰ ਤੇ ਮਜ਼ਦੂਰ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਆਈ ਡੀ ਪੀ ਦੇ ਸੂਬਾ ਆਗੂ ਕਰਨੈਲ ਸਿੰਘ ਜਖੇਪਲ, ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਘਾਸੀਵਾਲਾ ਅਤੇ ਨਿਰਮਲਾ ਕੌਰ ਧਰਮਗੜ੍ਹ ਨੇ ਕਿਹਾ ਕਿ ਪਿੰਡ ਘਾਸੀਵਾਲਾ ਦੇ ਇੱਕ ਕਿਸਾਨ ਦੇ ਘਰ ਚੋਰੀ ਹੋ ਗਈ ਸੀ, ਪੁਲਿਸ ਨੇ ਕਿਸਾਨ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਸੀਰੀ ਦੇ ਖਿਲਾਫ ਮੁਕੱਦਮਾ ਦਰਜ਼ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁੱਖ ਮੰਤਰੀ ਦੇ ਚਹੇਤਿਆਂ ਨੂੰ ਖੁਸ਼ ਕਰਨ ਲਈ ਕਥਿਤ ਤੌਰ ਤੇ ਹੰਸਾ ਸਿੰਘ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਬੁਲਾਰਿਆਂ ਨੇ ਗ੍ਰਿਫ਼ਤਾਰ ਕੀਤੇ ਮਜ਼ਦੂਰ ਤੇ ਤਸ਼ੱਦਦ ਕਰਨ ਦੇ ਇਲਜ਼ਾਮ ਵੀ ਲਾਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕਿਰਤੀ ਹੰਸਾ ਸਿੰਘ ਖਿਲਾਫ ਦਰਜ਼ ਕੀਤੇ ਝੂਠੇ ਮੁੱਕਦਮੇ ਨੂੰ ਰੱਦ ਕਰਵਾਉਣ ਲਈ ਅੱਜ ਪਿੰਡ ਘਾਸੀਵਾਲਾ ਵਿਖੇ ਵੀ ਇਕੱਠ ਕੀਤਾ ਸੀ। ਆਈ ਡੀ ਪੀ ਦੇ ਆਗੂ ਕਰਨੈਲ ਸਿੰਘ ਜਖੇਪਲ ਨੇ ਕਿਹਾ ਕਿ ਉਕਤ ਮਾਮਲੇ ਨੂੰ ਲੈਕੇ ਅੱਜ ਜਨਤਕ ਤੌਰ ਤੇ ਇੱਕ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ ਤੇ ਮੰਗ ਕੀਤੀ ਕਿ ਹੰਸਾ ਸਿੰਘ ਖਿਲਾਫ ਦਰਜ ਕੀਤਾ ਝੂਠਾ ਪਰਚਾ ਰੱਦ ਕੀਤਾ ਜਾਵੇ , ਨਿਰਦੋਸ਼ ਵਿਆਕਤੀ ਨੂੰ ਕੁੱਟਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਐਸ ਐਸ ਓ ਚੀਮਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਲੱਗੇ ਧਰਨੇ ਵਿੱਚ ਆਕੇ ਵਿਸ਼ਵਾਸ ਦਿਵਾਇਆ ਕਿ ਸ਼ੁੱਕਰਵਾਰ ਤੱਕ ਪਰਚਾ ਰੱਦ ਕਰਕੇ ਹੰਸਾ ਸਿੰਘ ਨੂੰ ਰਿਹਾਅ ਕਰ ਦਿੱਤਾ ਜਾਵੇਗਾ ।