ਨਵੀਂ ਦਿੱਲੀ : ਕੌਟਿਲਿਆ ਆਰਥਿਕ ਸੰਮੇਲਨ 2023 ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਬਾਰੇ ਬੋਲਦਿਆਂ ਆਖਿਆ ਹੈ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਔਖੇ ਦੌਰੇ ਵਿਚੋਂ ਲੰਘ ਰਹੇ ਹਨ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕੈਨੇਡਾ ਦੀਆਂ ਵੀਜ਼ਾਂ ਸੇਵਾਵਾਂ ਮੁੜ ਸ਼ੁਰੂ ਕਰਨ ਦਾ ਸੰਕੇਤ ਵੀ ਦਿੱਤਾ।
ਆਪਣੇ ਸੰਬੋਧਨ ਵਿੱਚ ਸ੍ਰੀ ਐਸ. ਜੈਸ਼ੰਕਰ ਨੇ ਦੁਨੀਆ ਭਰ ਵਿੱਚ ਚੱਲ ਰਹੀਆਂ ਜੰਗਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੰਘਰਸ਼ਾਂ ਕਾਰਨ ਅਸਥਿਰਤਾ ਵਾਲਾ ਮਾਹੌਲ ਬਣਿਆ ਹੋਇਆ ਹੈ।
ਸ੍ਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਕੈਨੇਡਾ ਸਬੰਧ ਇਸ ਸਮੇਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਲੋਕ ਵੀਜ਼ਿਆਂ ਨੂੰ ਲੈ ਕੇ ਚਿੰਤਾ ਵਿੱਚ ਹਨ। ਉਨ੍ਹਾਂ ਦਸਿਆ ਕਿ ਅਸੀਂ ਕੁੱਝ ਹਫ਼ਤੇ ਪਹਿਲਾਂ ਕੈਨੇਡਾ ਦਾ ਵੀਜ਼ਾ ਜਾਰੀ ਕਰਨਾ ਬੰਦ ਕਰ ਦਿੱਤਾ ਸੀ ਕਿਉਂਕਿ ਸਾਡੇ ਡਿਪਲੋਮੈਟਾਂ ਨੂੰ ਵੀਜ਼ਾ ਜਾਰੀ ਕਰਨ ਲਈ ਕੰਮ ’ਤੇ ਜਾਣ ਵਿੱਚ ਅਸੁਰੱਖਿਅਤ ਮਹਿਸੂਸ ਕਰ ਰਹੇ ਸਨ। ਜਦੋਂ ਸਾਨੂੰ ਲੱਗੇਗਾ ਅਸੀਂ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਦੁਬਾਰਾ ਵੀਜ਼ਾ ਸੇਵਾਵਾਂ ਸ਼ੁਰੂ ਕਰ ਦੇਵਾਂਗੇ।
ਜ਼ਿਕਰਯੋਗ ਹੈ ਕਿ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਤਲ਼ਖ਼ੀ ਉਸ ਸਮੇਂ ਆ ਗਈ ਸੀ ਜਦੋਂ ਕੈਨੇਡਾ ਨੇ ਭਾਰਤ ਸਰਕਾਰ ਉਪਰ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਸੀ। ਮਾਮਲਾ ਕਾਫ਼ੀ ਗਰਮਾ ਗਿਆ ਸੀ ਕਿ ਦੋਵਾਂ ਦੇਸ਼ਾਂ ਨੇ ਆਪਣੇ ਆਪਣੇ ਡਿਪਲੋਮੈਟਾਂ ਨੂੰ ਵਾਪਸ ਸੱਦ ਲਿਆ ਸੀ ਅਤੇ ਇਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ’ਤੇ ਪਾਬੰਦੀਆਂ ਲਗਾ ਦਿੱਤੀਆਂ ਸਨ।