ਚੰਡੀਗੜ੍ਹ :- ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 269 ਆਸਾਮੀਆਂ ਭਰਨ ਦੇ ਨਾਲ-ਨਾਲ ਸਰਕਾਰੀ ਪ੍ਰੈੱਸ ਦੀ ਸਮਰੱਥਾ ਨੂੰ ਵੀ ਵਧਾਇਆ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਨੇ ਵਿਭਾਗ ਦੇ ਪੁਨਰਗਠਨ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਵਿਭਾਗ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।
ਸ੍ਰੀ ਅਮਨ ਅਰੋੜਾ ਅੱਜ ਇੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ.ਮੀਨਾ, ਕੰਟਰੋਲਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਰਾਜ ਸਰਕਾਰ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਸਾਰੇ ਕੰਮ ਵਿਭਾਗ ਦੇ ਪੱਧਰ ‘ਤੇ ਹੀ ਕੀਤੇ ਜਾਣ। ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਲੋੜਾਂ ਅਨੁਸਾਰ ਸਰਕਾਰੀ ਪ੍ਰਿੰਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਲਈ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਪ੍ਰੈੱਸ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਤਿ-ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਰਕਾਰੀ ਦਸਤਾਵੇਜ਼ਾਂ ਦੀ ਗੋਪਨੀਅਤਾ ਨੂੰ ਬਣਾ ਕੇ ਰੱਖਣ ਵਿੱਚ ਵੀ ਸਹਾਈ ਹੋਵੇਗਾ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚਾ ਲੋੜਾਂ ਖਾਸ ਕਰਕੇ ਨਵੀਂ ਮਸ਼ੀਨਰੀ ਅਤੇ ਉਪਕਰਨ ਸਥਾਪਤ ਕਰਨ ਲਈ ਇਮਾਰਤ ਅਤੇ ਜਗ੍ਹਾ ਦੀ ਪਛਾਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।