ਪਟਿਆਲਾ :- ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਕਰਨ ਵਿੱਚ ਹਰ ਸੰਭਵ ਮਦਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਕਣਕ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦਾ ਇੱਕ ਏਕੜ ਪ੍ਰਦਰਸ਼ਨੀ ਪਲਾਟ ਰਾਹੀਂ ਸਹਿਕਾਰੀ ਸਭਾਵਾਂ ਦੀ ਮਸ਼ੀਨਰੀ ਅਤੇ ਖੇਤੀਬਾੜੀ ਵਿਭਾਗ ਦੀ ਤਕਨੀਕੀ ਜਾਣਕਾਰੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਬੀਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਦਰਸ਼ਨੀ ਪਲਾਟ ਰਾਹੀਂ ਤਕਰੀਬਨ 252 ਏਕੜ ਰਕਬਾ ਕਣਕ ਦੀ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਰੋਜ਼ਾਨਾ ਹਰੇਕ ਬਲਾਕ ਵਿੱਚ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ।
ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੈਪੀ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਰਾਹੀਂ ਪ੍ਰਦਰਸ਼ਨੀ ਪਲਾਟ ਵਿੱਚ ਇੱਕ ਏਕੜ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਜਦਕਿ ਸਹਿਕਾਰੀ ਸਭਾਵਾਂ ਦੀ ਮਸ਼ੀਨਰੀ ਵੱਲੋਂ ਰੋਜ਼ਾਨਾ 1100 ਏਕੜ ਰਕਬੇ ਵਿੱਚ ਬਿਜਾਈ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਸਭਾਵਾਂ ਵੱਲੋਂ ਪੂਰੀ ਸਮਰੱਥਾ ਨਾਲ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਕਣਕ ਦੀ ਬਿਜਾਈ ਸਮੇਂ ਤਕਨੀਕੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੇ ਹੱਲ ਲਈ ਆਪਣੇ ਖੇਤਰ ਦੇ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਵਟਸ ਐਪ ਚੈਟ ਬੋਟ ਨੰਬਰ 7380016070 ਦਾ ਪੂਰਾ ਲਾਭ ਲੈਣ ਦੀ ਵੀ ਅਪੀਲ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਲੋੜ ਮੁਤਾਬਕ ਹੁਣ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਮੁਹੱਈਆ ਕਰਵਾਏ ਜਾ ਰਹੇ ਹਨ।