ਕਿਹਾ, ਵੱਧ ਤੋਂ ਵੱਧ ਸਿੱਖਾਂ ਨੂੰ ਵੋਟਾਂ ਬਣਵਾਉਣੀਆਂ ਚਾਹੀਦੀਆਂ ਹਨ
ਮਾਲੇਰਕੋਟਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਹਰ ਸਾਬਤ-ਸੂਰਤ ਸਿੱਖ ਨੂੰ ਅਪਣੀ ਵੋਟ ਬਣਵਾਉਣੀ ਚਾਹੀਦੀ ਹੈ ਤਾਕਿ ਉਹ ਗੁਰਦੁਆਰਾ ਪ੍ਰਬੰਧ ਨੂੰ ਸੁਰੱਖਿਅਤ ਹੱਥਾਂ ਵਿਚ ਸੌਂਪਣ ਲਈ ਪੈਣ ਵਾਲੀਆਂ ਵੋਟਾਂ ਵਿਚ ਅਪਣਾ ਹਿੱਸਾ ਪਾ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਅਕਾਲੀ ਨੇਤਾਵਾਂ ਅਤੇ ਵਰਕਰਾਂ ਵਲੋਂ ਵੋਟਾਂ ਬਣਾਉਣ ਲਈ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਦਾ ਜਾਇਜ਼ਾ ਲੈਣ ਤੋਂ ਬਾਅਦ ਇਥੇ ਜਾਰੀ ਇਕ ਬਿਆਨ ਵਿਚ ਕੀਤਾ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਪਿੰਡਾਂ ਅਤੇ ਸ਼ਹਿਰ ਵਿਚ ਫ਼ਾਰਮ ਵੰਡ ਦਿਤੇ ਹਨ। ਸਾਰੇ ਗੁਰਦੁਆਰਾ ਸਾਹਿਬਾਨ ਦੇ ਹੈੱਡ ਗ੍ਰੰਥੀਆਂ ਨੂੰ ਫ਼ਾਰਮ ਦੇ ਕੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਵੋਟਾਂ ਬਣਵਾਉਣ ਲਈ ਜਾਗਰੂਕ ਅਤੇ ਪ੍ਰੇਰਿਤ ਕਰਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਦੱਸਿਆ ਕਿ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ, ਦਿਹਾਤੀ ਸਰਕਲ ਪ੍ਰਧਾਨ ਅਤੇ ਸ਼ਹਿਰੀ ਪ੍ਰਧਾਨ ਵੀ ਅਪਣੇ ਪੱਧਰ ਉਤੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਵੋਟਾਂ ਬਣਵਾਉਣ ਵਿਚ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਾਰਮ ਭਰ ਕੇ ਸਬੰਧਤ ਪਟਵਾਰੀਆਂ ਕੋਲ ਜਮ੍ਹਾਂ ਕਰਾਉਣੇ ਹਨ। ਜੇ ਪਟਵਾਰੀ ਮੌਜੂਦ ਨਹੀਂ ਤਾਂ ਇਲਾਕੇ ਦੇ ਬੀ.ਐਲ.ਓ. ਨੂੰ ਵੀ ਭਰੇ ਹੋਏ ਫ਼ਾਰਮ ਸੌਂਪੇ ਜਾ ਸਕਦੇ ਹਨ। ਐਸ.ਡੀ.ਐਮ. ਨੇ ਸਾਰੇ ਬੀ.ਐਲ.ਓਜ਼ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਲਈ ਭਰੇ ਜਾਣ ਵਾਲੇ ਫ਼ਾਰਮ ਫੜਨ ਦੀ ਹਦਾਇਤ ਕੀਤੀ ਹੋਈ ਹੈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਸਿੱਖਾਂ ਨੂੰ ਭਾਵੁਕ ਅਪੀਲ ਕਰਦਿਆਂ ਆਖਿਆ ਹੈ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਵੋਟਾਂ ਬਣਵਾਉਣ ਅਤੇ ਅਪਣੇ ਧਾਰਮਕ ਸਥਾਨਾਂ ਦੀ ਸੁਰੱਖਿਆ ਅਤੇ ਢੁਕਵੇਂ ਪ੍ਰਬੰਧ ਨੂੰ ਚਲਾਉਣ ਵਾਲੇ ਪ੍ਰਤੀਨਿਧਾਂ ਦੀ ਚੋਣ ਵਿਚ ਹਿੱਸਾ ਪਾਉਣ। ਆਮ ਆਦਮੀ ਪਾਰਟੀ ਦੀ ਸਰਕਾਰ ਇਕ ਸਾਜ਼ਿਸ਼ ਤਹਿਤ ਗੁਰਦੁਆਰਿਆਂ ਉਤੇ ਕਬਜ਼ਾ ਕਰਨਾ ਚਾਹੁੰਦੀ ਹੈ, ਇਸ ਲਈ ਸਿੱਖਾਂ ਨੂੰ ਚੌਕਸ ਹੋਣ ਦੀ ਲੋੜ ਹੈ।