ਪਟਿਆਲਾ :- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੌਜਾ, ਪਟਿਆਲਾ ਵਿਖੇ ਕਰਵਾਇਆ ਗਿਆ।
ਇਸ ਮੌਕੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੇਖ ਰਚਨਾ, ਭਾਸ਼ਣ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੇ ਬੁਲਾਰੇ ਡਾ ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਅਤੇ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ ਪਟਿਆਲਾ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮੇਂA ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।
ਡਾ ਰਜਨੀ ਗੋਇਲ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਸੂਖਮ ਚਹਿਲ ਅਤੇ ਅੰਗਰੇਜ਼ੀ ਲੈਕਚਰਾਰ ਸ੍ਰੀ ਭਗਵੰਤ ਸਿੰਘ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਇਸ ਮੌਕੇ ਵਿਦਿਆਰਥਣਾਂ ਵੱਲੋਂ ਪਰਾਲੀ ਨੂੰ ਨਾ ਜਲਾਉਣ ਦਾ ਸੰਦੇਸ਼ ਦਿੰਦਾ ਹੋਇਆ ਗਿੱਧਾ ਵੀ ਪੇਸ਼ ਕੀਤਾ ਗਿਆ।