ਪਟਿਆਲਾ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਸ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਹਾਲ ਹੀ ਚ ਲਾਗੂ ਕੀਤੀਆਂ ਵੱਡੀਆਂ ਸਕੀਮਾਂ ਆਮ ਲੋਕਾਂ ਲਈ ਫਾਇਦੇਮੰਦ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕੀਤੀ ਹੈ, ਇਸ ਨਾਲ ਪੰਜਾਬ ਦੇ ਹਜ਼ਾਰਾਂ ਵਪਾਰੀਆਂ ਨੂੰ ਫਾਇਦਾ ਹੋਏਗਾ। ਵਿਧਾਇਕ ਨੇ ਕਿਹਾ ਕਿ ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ‘ਰਿਕਵਰੀ ਆਫ ਆਊਟਸਟੈਡਿੰਗ ਡਿਊਜ਼ ਸਕੀਮ-2023’ ਨੂੰ ਲਾਗੂ ਕੀਤਾ ਗਿਆ ਹੈ ਜਿਸ ਨਾਲ ਕਾਨੂੰਨੀ ਮਾਮਲਿਆਂ ਦਾ ਬੋਝ ਘੱਟ ਹੋਵੇਗਾ। ਓ.ਟੀ.ਐਸ. ਸਕੀਮ 15 ਨਵੰਬਰ, 2023 ਤੋਂ ਲਾਗੂ ਹੋਵੇਗੀ ਅਤੇ 15 ਮਾਰਚ, 2024 ਤੱਕ ਲਾਗੂ ਰਹੇਗੀ। ਉਨਾਂ ਦੱਸਿਆ ਕਿ ਉਹ ਟੈਕਸਦਾਤਾ ਜਿਨ੍ਹਾਂ ਦਾ ਟੈਕਸ, ਜੁਰਮਾਨਾ ਅਤੇ ਮਿਤੀ 31 ਮਾਰਚ, 2023 ਤੱਕ ਵਿਆਜ ਇਕ ਕਰੋੜ ਰੁਪਏ ਤੱਕ ਦਾ ਹੈ, ਉਹ ਇਸ ਸਕੀਮ ਅਧੀਨ ਨਿਪਟਾਰਾ ਕਰਨ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਓ.ਟੀ.ਐਸ. ਇਕ ਲੱਖ ਰੁਪਏ ਤੱਕ ਦੇ ਬਕਾਏ ਦੇ ਮਾਮਲੇ ਵਿੱਚ ਪੂਰੀ ਛੋਟ ਪ੍ਰਦਾਨ ਕਰੇਗਾ। ਓ.ਟੀ.ਐਸ. ਸਕੀਮ ਤਹਿਤ 31 ਮਾਰਚ, 2023 ਤੱਕ ਇਕ ਲੱਖ ਰੁਪਏ ਤੱਕ ਦੇ ਬਕਾਏ ਦੇ ਕੇਸ 39787 ਬਣਦੇ ਹਨ ਜੋ ਸੰਪੂਰਨ ਤੌਰ ਉਤੇ ਮੁਆਫ਼ ਹੋਣਗੇ। ਇਸੇ ਤਰ੍ਹਾਂ ਲਗਪਗ 19361 ਕੇਸਾਂ ਵਿੱਚ 100 ਫੀਸਦੀ ਵਿਆਜ, 100 ਫੀਸਦੀ ਜੁਰਮਾਨਾ ਅਤੇ 50 ਫੀਸਦੀ ਟੈਕਸ ਦੀ ਰਕਮ ਦੀ ਛੋਟ ਮਿਲੇਗੀ।
ਵਿਧਾਇਕ ਅਜੀਤਪਾਲ ਕੋਹਲੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਜੋ ਸਰਕਾਰ ਨੇ ਹਰੀ ਝੰਡੀ ਦਿੱਤੀ ਹੈ, ਇਹ ਮੁਫ਼ਤ ਸਕੀਮ ਖਾਸ ਕਰ ਬਜ਼ੁਰਗਾਂ ਲਈ ਵਰਦਾਨ ਸਾਬਤ ਹੋਏਗੀ।
ਕੋਹਲੀ ਨੇ ਕਿਹਾ ਕਿ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਜਿਵੇਂ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਇਹ ਯਾਤਰਾ ਬਿਲਕੁਲ ਮੁਫ਼ਤ ਹੋਏਗੀ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਅਦਾ ਕਰੇਗੀ।