ਸੁਨਾਮ :- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੁਨਾਮ ਵਿਖੇ ਬੱਸ ਸਟੈਂਡ ਨੇੜਲੇ ਰੇਲਵੇ ਫਾਟਕ ਤੇ ਅੰਡਰ ਬ੍ਰਿਜ ਬਣਾਉਣ ਦੀ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਉਪਰੋਕਤ ਮੰਗ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅੱਗੇ ਰੱਖੀ ਸੀ। ਰੇਲਵੇ ਨੇ ਇਸ ਲਈ ਦੋ ਪੜਾਵਾਂ ਵਿੱਚ 8 ਕਰੋੜ 15 ਲੱਖ ਰੁਪਏ ਮਨਜ਼ੂਰ ਕੀਤੇ ਹਨ ਅਤੇ ਉਕਤ ਪ੍ਰੋਜੈਕਟ 'ਤੇ ਕੰਮ ਮਾਰਚ 2024 ਤੱਕ ਸ਼ੁਰੂ ਹੋ ਜਾਵੇਗਾ। ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਪ੍ਰਾਜੈਕਟ ’ਤੇ 100 ਫੀਸਦੀ ਪੈਸਾ ਖਰਚ ਕਰ ਰਹੀ ਹੈ। ਉਨ੍ਹਾਂ ਕੇਂਦਰ ਦਾ ਮਨਜ਼ੂਰੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਪੱਤਰ 9 ਨਵੰਬਰ ਨੂੰ ਜਾਰੀ ਕੀਤਾ ਹੈ ਅਤੇ ਇਸ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲਣ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੌਜਵਾਨ ਆਗੂ ਤੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਤੇ ਬਣਨ ਵਾਲੇ ਰੇਲਵੇ ਫੁੱਟ ਓਵਰ ਬਰਿੱਜ ਨੂੰ ਬਣਾਉਣ ਲਈ ਨਵੇਂ ਸਿਰਿਉਂ 92 ਲੱਖ ਰੁਪਏ ਦਾ ਐਸਟੀਮੇਟ ਬਣਿਆ ਹੈ ਉਸ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਸੰਯੁਕਤ ਵੱਲੋਂ ਕੇਂਦਰ ਨੂੰ ਪਾਕਿਸਤਾਨ ਨਾਲ ਵਪਾਰਕ ਰਸਤੇ ਖੋਲ੍ਹਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ ਇਨ੍ਹਾਂ ਮੰਗਾਂ 'ਤੇ ਵਿਚਾਰ ਕਰ ਰਹੀ ਹੈ। ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਮੌਕੇ ਕੁਝ ਬੰਦੀ ਸਿੰਘਾਂ ਦੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਸੀ ਪਰੰਤੂ ਦਿੱਲੀ ਸਰਕਾਰ ਨੇ ਇਸ ਰਿਹਾਈ ਨੂੰ ਟਾਲ ਦਿੱਤਾ ਹੈ। ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਵਧਾਉਣ 'ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਸੰਯੁਕਤ ਨੇ ਉਪਰੋਕਤ ਮੰਗ ਗੁਰਦੁਆਰਾ ਚੋਣ ਕਮਿਸ਼ਨਰ ਦੇ ਚੇਅਰਮੈਨ ਅੱਗੇ ਰੱਖੀ ਸੀ ਜਿਸ ਤੋਂ ਬਾਅਦ ਵੋਟਾਂ ਬਣਾਉਣ ਦੀ ਮਿਆਦ ਵਿਚ ਵਾਧਾ ਕਰਨ ਤੇ ਅਤੇ ਪਾਰਟੀ ਇਸ ਲਈ ਉਨ੍ਹਾਂ ਦਾ ਧੰਨਵਾਦ ਕਰਦੀ ਹੈ। ਇਸ ਮੌਕੇ ਸੀਨੀਅਰ ਆਗੂ ਅਮਨਬੀਰ ਸਿੰਘ ਚੈਰੀ, ਗੁਰਚਰਨ ਸਿੰਘ ਧਾਲੀਵਾਲ, ਸੁਨੀਤਾ ਸ਼ਰਮਾ, ਯਾਦਵਿੰਦਰ ਸਿੰਘ ਨਿਰਮਾਣ, ਮਨਿੰਦਰ ਸਿੰਘ ਲਖਮੀਰਵਾਲਾ, ਸੋਹਣ ਸਿੰਘ ਭੰਗੂ, ਨਰੇਸ਼ ਜਿੰਦਲ, ਡਾਕਟਰ ਰੂਪ ਸਿੰਘ ਸ਼ੇਰ, ਚਮਕੌਰ ਸਿੰਘ ਮੋਰਾਂਵਾਲੀ, ਉਪਕਾਰ ਸਿੰਘ ਸਿੰਘਪੁਰਾ, ਮਾਸਟਰ ਦਲਜੀਤ ਸਿੰਘ, ਪ੍ਰਫੈਸਰ ਮਨਪ੍ਰੀਤ ਸਿੰਘ ਗਿੱਲ, ਗੋਪਾਲ ਸ਼ਰਮਾ, ਪ੍ਰਿਤਪਾਲ ਸਿੰਘ ਕਾਲਾ, ਪਰਮਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।