67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ: ਖੋ-ਖੋ-14 ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ
ਸਮਾਣਾ :- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੌਜਵਾਨਾਂ ਅੰਦਰ ਖੇਡਾਂ ਦੀ ਛੁਪੀ ਪ੍ਰਤਿਭਾ ਨੂੰ ਪਛਾਨਣ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਕੇ ਖੇਡਾਂ ਤੇ ਖਿਡਾਰੀਆਂ ਨੂੰ ਸਰਪ੍ਰਸਤੀ ਦਿੱਤੀ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਪਬਲਿਕ ਕਾਲਜ ਸਮਾਣਾ ਵਿਖੇ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ-14 ਸਾਲ, ਲੜਕੇ-ਲੜਕੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਕਰਨ ਪੁੱਜੇ ਹੋਏ ਸਨ। ਇਨ੍ਹਾਂ ਖੇਡਾਂ ਵਿੱਚ 23 ਜ਼ਿਲ੍ਹਿਆਂ ਵਿੱਚੋਂ ਕਰੀਬ 276 ਖਿਡਾਰੀਆਂ ਨੇ ਹਿੱਸਾ ਲਿਆ ਹੈ। ਉਨ੍ਹਾਂ ਨੇ ਇਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰ ਤੰਦਰੁਸਤ ਹੁੰਦਾ ਹੈ ਉਥੇ ਹੀ ਨਸ਼ਿਆਂ ਤੇ ਹੋਰ ਬੁਰਾਈਆਂ ਤੋਂ ਵੀ ਸਾਡੇ ਨੌਜਵਾਨ ਦੂਰ ਰਹਿੰਦੇ ਹਨ।
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁਲਤ ਕਰਨ 'ਤੇ ਵਿਸ਼ੇਸ਼ ਜੋਰ ਦਿੱਤਾ ਹੈ ਅਤੇ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਖਿਡਾਰੀਆਂ ਨੂੰ ਤਿਆਰੀ ਲਈ ਫੰਡ ਦਿੱਤੇ ਤਾਂ ਜੋ ਉਹ ਖੇਡਾਂ ਵਿੱਚ ਮੱਲਾਂ ਮਾਰ ਸਕਣ। ਉਨ੍ਹਾਂ ਦੱਸਿਆ ਕਿ ਇਸੇ ਦਾ ਨਤੀਜਾ ਰਿਹਾ ਕਿ ਏਸ਼ੀਅਨ ਖੇਡਾਂ ਵਿੱਚ ਸਾਡੇ ਖਿਡਾਰੀਆਂ ਨੇ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਉਨ੍ਹਾਂ ਨੇ ਖੇਡ ਵਿਭਾਗ ਨੂੰ ਸਮਾਣਾ ਵਿਖੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਉਣ ਲਈ ਵਧਾਈ ਵੀ ਦਿੱਤੀ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਪਿਛਲੀਆਂ ਸਰਕਾਰਾਂ ਤੇ ਵਿਰੋਧੀ ਆਗੂਆਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਿਨ੍ਹਾਂ ਕੁਝ ਨਹੀਂ ਕੀਤਾ ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਢਾਈ ਸਾਲਾਂ ਵਿੱਚ ਹੀ 38 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਉਦਯੋਗਿਕ ਖੇਤਰ ਵਿੱਚ ਵੀ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਅੰਦਰ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ | ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਸੋਨੂ ਥਿੰਦ, ਪਬਲਿਕ ਕਾਲਜ ਦੇ ਡਾ. ਪ੍ਰਿੰਸੀਪਲ ਜਤਿੰਦਰ ਦੇਵ, ਸਪੋਰਟਸ ਐਸੋਸੀਏਸ਼ਨ ਸਮਾਣਾ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਨੁਮਾਇੰਦੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ, ਪ੍ਰਿੰਸੀਪਲ ਹਰਜੋਤ ਕੌਰ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਵਿਕਾਸ ਕੁਮਾਰ, ਅਮਨਿੰਦਰ ਸਿੰਘ ਬਾਬਾ, ਸੰਦੀਪ ਸ਼ਰਮਾ, ਸੰਜੇ ਸਿੰਗਲਾ, ਅਧਿਆਪਕ ਅਤੇ ਕੋਚ, ਖਿਡਾਰੀਆਂ ਸਮੇਤ ਹੋਰ ਪਤਵੰਤੇ ਮੌਜੂਦ ਸਨ।