ਐਸ.ਏ.ਐਸ ਨਗਰ :- ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਜਾਰੀ ਹਦਾਇਤਾਂ ਦੀ ਰੌਸ਼ਨੀ ਵਿਚ ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜਾਦਾ ਅਜੀਤ ਸਿੰਘ ਨਗਰ ਵਲੋਂ ਜ਼ਿਲ੍ਹੇ ਵਿਚ ‘ਅਕਸ਼ਮ ਸੇ ਸਕਸ਼ਮ-ਇੰਪਾਵਰਿੰਗ ਦ ਯੂਥ’ ਕੈਂਪੇਨ ਦੀ ਸ੍ਰੁਰੂਆਤ ਕੀਤੀ ਗਈ ਜੋ ਕਿ ਮਿਤੀ 20 ਨਵੰਬਰ 2023 ਤੋਂ ਸ਼ੁਰੂ ਹੋ ਕੇ ਮਿਤੀ 29 ਨਵੰਬਰ 2023 ਨੰ ਖਤਮ ਹੋਵੇਗੀ।
ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚੋਂ ਅੱਠਵੀਂ, ਨੌਵੀਂ, ਦਸਵੀਂ ਅਤੇ ਗਿਆਰਵੀਂ ਜਮਾਤ ਦੇ 100 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ, ਜਿਹੜੇ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਅਤੇ ਅਦਾਲਤਾਂ ਦੇ ਵਿਵਹਾਰਕ ਕੰਮ-ਕਾਰ ਪ੍ਰਤੀ ਜਾਣਕਾਰੀ ਪ੍ਰਾਪਤ ਕਰਨਗੇ। ਉਨ੍ਹਾਂ ਨੂੰ ਜ਼ਿਲ੍ਹੇ ਦੇ ਥਾਣਿਆਂ ਵਿਚ ਲਿਜਾਇਆ ਜਾਵੇਗਾ ਤਾਂ ਕਿ ੳਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਮਿਲ ਸਕੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਬਿਰਧ ਅਤੇ ਅਨਾਥ ਆਸ਼ਰਮਾਂ ਵਿਚ ਲਿਜਾਇਆ ਜਾਵੇਗਾ ਤਾਂ ਜੋ ਉਥੇ ਰਹਿਣ ਵਾਲੇ ਬੱਚੇ ਅਤੇ ਬਜ਼ੁਰਗਾਂ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦੀ ਭਾਵਨਾ ਪ੍ਰਗਟ ਕਰ ਸਕਣ।
ਇਸ ਕੈਂਪੇਨ ਦੀ ਸਮਾਪਤੀ ਮੌਕੇ ਇੱਕ ਸੈਮੀਨਾਰ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲ, ਲੀਗਲ ਲਿਟਰੇਸੀ ਇੰਚਾਰਜ ਅਤੇ ਵਿਦਿਆਰਥੀ ਭਾਗ ਲੈਣਗੇ, ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਦੀ ਚੋਣ ਕੈਂਪੇਨ ਲਈ ਕੀਤੀ ਗਈ ਹੈ। ਕੈਂਪੇਨ ਦਾ ਉਦੇਸ਼ ਵਿਦਿਆਰਥੀਆਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ, ਅਪਰਾਧ ਪੀੜ੍ਹਤ ਸਕਮਾਂ, ਬਲਾਤਕਾਰ, ਪੌਕਸੋ ਅਤੇ ਐਨ.ਡੀ.ਪੀ.ਐਸ ਐਕਟ ਕੇਸਾਂ ਵਿਚ ਕਾਨੂੰਨੀ ਜਾਣਕਾਰੀ ਦੇਣਾ ਹੈ ਤਾਂ ਜੋ ਉਹ ਇਨ੍ਹਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇਣ।