ਸੁਨਾਮ :- ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਕੰਪਿਊਟਰ ਲੈਬ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅਜੋਕੇ ਆਧੁਨਿਕ ਦੌਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਨ ਲਈ ਜਿਥੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ ਉਥੇ ਹੀ ਸਕੂਲੀ ਸਿੱਖਿਆ ਵਿੱਚ ਨਿਰੰਤਰ ਸੁਧਾਰ ਲਿਆਉਣ ਦੀ ਦਿਸ਼ਾ ਵਿੱਚ ਲੋੜ ਮੁਤਾਬਕ ਨਵੀਂਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਸਕੂਲ ਆਫ ਐਮੀਨੈਂਸ ਵਜੋਂ ਵਿਕਸਤ ਕਰਦੇ ਹੋਏ ਹਰ ਪੱਧਰ ਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਕੇ ਸਿੱਖਿਆ ਦੇ ਖੇਤਰ ਵਿੱਚ ਨਾਮ ਰੌਸ਼ਨ ਕਰਨ ਦੇ ਸਮਰੱਥ ਬਣ ਸਕਣ।
ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਆਪਣੇ ਪਿਛਲੇ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਕੂਲ ਵਿੱਚ ਕੰਪਿਊਟਰ ਸਿੱਖਿਆ ਦੀ ਕਮੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਕਰਕੇ ਉਨ੍ਹਾਂ ਨੇ ਏ.ਯੂ ਬੈਂਕ ਨਾਲ ਤਾਲਮੇਲ ਕੀਤਾ ਅਤੇ ਬੈਂਕ ਦੇ ਪ੍ਰਬੰਧਕਾਂ ਦੀ ਤਰਫੋਂ ਫੌਰੀ ਤੌਰ ’ਤੇ ਸੀ.ਐਸ.ਆਰ ਫ਼ੰਡ ਤਹਿਤ 10 ਨਵੇਂ ਕੰਪਿਊਟਰ ਮੁਹੱਈਆ ਕਰਵਾਉਂਦੇ ਹੋਏ ਭਵਿੱਖ ਵਿੱਚ ਹੋਰ ਵੀ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਹੈ। ਇਸ ਮੌਕੇ ਏ.ਯੂ ਐਸ.ਐਫ.ਬੀ ਦੇ ਨੈਸ਼ਨਲ ਮੈਨੇਜਰ ਅਰਵਿੰਦ ਪੁਰੋਹਿਤ ਤੇ ਰੀਜਨਲ ਮੈਨੇਜਰ ਵਿਸ਼ਾਲ ਸਿੰਗਲਾ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਵੀ ਹਾਜ਼ਰ ਸਨ।