ਸੁਨਾਮ :- ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਲਾਰਿਆਂ ਤੋਂ ਖਫਾ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਜੁਆਇੰਟ ਫੋਰਮ ਦੇ ਸੱਦੇ ਤਹਿਤ ਮੰਗਲਵਾਰ ਨੂੰ ਸੁਨਾਮ ਵਿਖੇ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪਾਵਰਕਾਮ ਦੇ ਦਫ਼ਤਰ ਅੱਗੇ ਗੇਟ ਰੈਲੀ ਕਰਕੇ ਸੂਬਾ ਸਰਕਾਰ ਨੂੰ ਭੰਡਿਆ। ਮੁਜ਼ਾਹਰਾਕਾਰੀਆਂ ਨੇ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਵੀ ਲਾਏ। ਇਸ ਮੌਕੇ ਬੋਲਦਿਆਂ ਮੁਲਾਜ਼ਮ ਆਗੂਆਂ ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਅਜੇ ਕੁਮਾਰ ਸਰਕਲ ਆਗੂ, ਅਮਰੀਕ ਸਿੰਘ, ਨਵੀਨ ਕੁਮਾਰ, ਰਮਨਜੀਤ ਸਿੰਘ, ਜਸਵਿੰਦਰ ਸਿੰਘ ਅਤੇ ਟੀਐਸਯੂ ਦੇ ਮੰਡਲ ਸੈਕਟਰੀ ਗੁਰਤੇਜ ਸਿੰਘ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਪਾਵਰਕਾਮ ਦੇ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਨੂੰ ਤਿਆਰ ਨਹੀਂ ਜਿਸ ਕਾਰਨ ਮੁਲਾਜ਼ਮ ਵਰਗ ਸਰਕਾਰ ਤੋਂ ਖ਼ਫ਼ਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਸਰਕਾਰ ਨੇ ਦੀਵਾਲੀ ਮੌਕੇ ਆਪਣੇ ਮੁਲਾਜ਼ਮਾਂ ਨੂੰ ਡੀਏ ਅਤੇ ਬਣਦਾ ਏਰੀਅਰ ਨਾ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਦੂਜੀਆਂ ਪਾਰਟੀਆਂ ਨੂੰ ਮੁਲਾਜ਼ਮ ਵਿਰੋਧੀ ਕਹਿਕੇ ਭੰਡਦੀ ਰਹੀ ਹੈ ਅਤੇ ਹੁਣ ਆਪ ਸੱਤਾ ਹਾਸਲ ਕਰਨ ਤੋਂ ਬਾਅਦ ਵਾਅਦੇ ਭੁੱਲ ਗਏ ਹਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਅੱਜ ਬਿਜਲੀ ਮੁਲਾਜ਼ਮ ਗੇਟ ਰੈਲੀਆਂ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਪੰਜ ਦਸੰਬਰ ਨੂੰ ਬਿਜਲੀ ਮੁਲਾਜ਼ਮ ਸਮੂਹਿਕ ਤੌਰ ਤੇ ਹੜਤਾਲ ਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਪਾਵਰਕਾਮ ਦੇ ਕਰਮਚਾਰੀਆਂ ਨੂੰ ਬਣਦਾ ਡੀਏ ਅਤੇ ਏਰੀਅਰ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਨੂੰ ਯਕੀਨੀ ਬਣਾਵੇ।