ਪਟਿਆਲਾ :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਖੇਡਾਂ ਤੇ ਸਿੱਖਿਆ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ ਇਸ ਕਰਕੇ ਸੂਬੇ ਵਿੱਚ ਖੇਡਾਂ ਪ੍ਰਤੀ ਅਨੁਕੂਲ ਮਾਹੌਲ ਬਣ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਪਟਿਆਲਾ ਦੇ ਪੋਲੋ ਗਰਾਊਂਡ ਸਥਿਤ ਮਲਟੀਪਰਪਜ਼ ਜਿਮਨੇਜ਼ੀਅਮ ਹਾਲ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਪ੍ਰਾਈਮਰੀ ਸਕੂਲ ਖੇਡਾਂ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ 1150 ਖਿਡਾਰੀ ਹਿੱਸਾ ਲੈਣ ਪੁੱਜੇ ਹੋਏ ਹਨ ਅਤੇ ਇਹ ਤਿੰਨ ਦਿਨ ਖਿਡਾਰੀ ਖੋ-ਖੋ ਜਿਮਨਾਸਟਿਕ ਤੇ ਯੋਗਾ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀ ਆਪਣੇ ਛੋਟੇ-ਛੋਟੇ ਗੋਲ ਮਿਥ ਕੇ ਮਿਹਨਤ ਕਰਨ ਤਾਂ ਉਨ੍ਹਾਂ ਨੂੰ ਸਫ਼ਲਤਾ ਜਰੂਰ ਮਿਲੇਗੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਰਚਨਾ ਮਹਾਜਨ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਲਈ ਰਹਿਣ-ਸਹਿਣ ਤੇ ਹੋਰ ਸੁਚੱਜੇ ਪ੍ਰਬੰਧ ਮੁਕੰਮਲ ਹਨ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਅਤੇ ਹੋਰ ਪ੍ਰਬੰਧਕ ਮੌਜੂਦ ਸਨ।