ਸੁਨਾਮ : ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜ਼ਰ ਨੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਵਾਪਰੀ ਘਟਨਾ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਪੁਲਿਸ ਦੇ ਦਾਖ਼ਲੇ ਅਤੇ ਗੋਲੀਬਾਰੀ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਵੀਰਵਾਰ ਨੂੰ ਸੁਨਾਮ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਰਾਜਿੰਦਰ ਦੀਪਾ ਦੇ ਨਿਵਾਸ ਸਥਾਨ ਤੇ ਯੂਥ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜ਼ਰ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਪੁਲਿਸ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਦੇ ਅੰਦਰ ਦਾਖਲ ਹੋਕੇ ਗੋਲੀਆਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜਿਆਂ ਤੇ ਇਲਜਾਮ ਲਾਉਣ ਵਾਲੇ ਦੇ ਰਾਜ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਜਿਹੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਮੁਕੱਦਮਾ ਦਰਜ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਇਸ ਕ਼ਦਰ ਵਿਗੜ ਚੁੱਕੀ ਹੈ, ਕੋਈ ਵੀ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਆਪਸ ਵਿੱਚ ਰਲ਼ੇ ਹੋਣ ਦੇ ਇਲਜ਼ਾਮ ਵੀ ਲਾਏ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜ਼ਰ ਨੇ ਕਿਹਾ ਕਿ ਹੁਣ ਯੂਥ ਅਕਾਲੀ ਦਲ ਵਿੱਚ ਅਹੁਦੇ ਕਿਸੇ ਸਿਫ਼ਾਰਸ਼ ਦੇ ਆਧਾਰ ’ਤੇ ਨਹੀਂ ਸਗੋਂ ਕੰਮ ਕਰਨ ਦੀ ਯੋਗਤਾ ਦੇ ਆਧਾਰ ’ਤੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੋ ਆਗੂ ਜ਼ਿਲ੍ਹੇ 'ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਮੈਂਬਰ ਬਣਾਏਗਾ, ਉਸ ਨੂੰ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਜਾਵੇਗਾ |
ਇਸੇ ਤਰ੍ਹਾਂ ਸਰਕਲ ਪ੍ਰਧਾਨ ਬਣਾਇਆ ਜਾਵੇਗਾ ਅਤੇ ਹੋਰ ਅਹੁਦੇ ਵੀ ਭਰਤੀ ਦੇ ਆਧਾਰ ’ਤੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੌਜਵਾਨਾਂ ਨੂੰ ਤਿਆਰ ਕਰਕੇ ਭਵਿੱਖ ਦੇ ਵਾਰਿਸ ਬਣਾਉਣ ਦੀ ਸੋਚ ’ਤੇ ਪਹਿਰਾ ਦੇ ਰਿਹਾ ਹੈ। ਪਾਰਟੀ ਨੂੰ ਮਜ਼ਬੂਤ ਕਰਨ ਵਾਲੇ ਨੌਜਵਾਨ ਹੀ ਕੱਲ੍ਹ ਦੇ ਵਿਧਾਇਕ, ਸੰਸਦ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ, ਨਗਰ ਕੌਂਸਲਰ, ਸਰਪੰਚ ਆਦਿ ਬਣਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦੀ ਮੌਜੂਦਾ ਸਰਕਾਰ ਦੀ ਅਸਲੀਅਤ ਤੋਂ ਜਾਣੂੰ ਹੋ ਚੁੱਕੇ ਹਨ। ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਜਾ ਰਿਹਾ ਹੈ ਅਤੇ ਦਿੱਲੀ ਵਿੱਚ ਬੈਠੇ 'ਆਪ' ਆਗੂ ਇਸ ਸਰਕਾਰ ਨੂੰ ਚਲਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਯੂਥ ਅਕਾਲੀ ਦਲ ਇਸ ਸਰਕਾਰ ਦਾ ਪਰਦਾਫਾਸ਼ ਕਰੇਗਾ। ਯੂਥ ਅਕਾਲੀ ਦਲ ਦੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਰੈਲੀ ਦੇ ਪ੍ਰਬੰਧਕ ਰਜਿੰਦਰ ਦੀਪਾ, ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਡੂੰਘੇ ਸੰਕਟ ਵਿੱਚ ਪਾ ਦਿੱਤਾ ਹੈ। ਚਾਰੇ ਪਾਸੇ ਨਿਰਾਸ਼ਾ ਦਾ ਆਲਮ ਹੈ। ਪੰਜਾਬ ਵਿੱਚ ਹਿੰਸਕ ਘਟਨਾਵਾਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ ਹੈ। ਸੁਲਤਾਨਪੁਰ ਲੋਧੀ ਕਾਂਡ ਨੇ ਹਰ ਪੰਜਾਬੀ ਦੇ ਦਿਲ ਨੂੰ ਠੇਸ ਪਹੁੰਚਾਈ ਹੈ। ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਸੱਚੀ ਪਹਿਰੇਦਾਰੀ ਕਰ ਸਕਦੀ ਹੈ। ਪੰਜਾਬ ਦੇ ਲੋਕ ਮੁੜ ਅਕਾਲੀ ਦਲ ਵੱਲ ਦੇਖ ਰਹੇ ਹਨ ਅਤੇ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਚਰਨਜੀਤ ਸਿੰਘ ਬਰਾੜ, ਖੁਸ਼ਪਾਲ ਸਿੰਘ ਬੀਰਕਲਾਂ, ਜਸਪਾਲ ਸਿੰਘ ਪਾਲਾ ਆਦਿ ਹਾਜ਼ਰ ਸਨ।