ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਅੰਦਰ ਪੁਲਿਸ ਵੱਲੋਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਬੰਦ ਕਰਨ ਦੇ ਦਿੱਤੇ ਹੁਕਮਾਂ ਤੋਂ ਬਾਅਦ ਸੁਨਾਮ ਵਿਖੇ ਮੋਟਰਸਾਈਕਲ ਰੇਹੜੀਆਂ ਵਾਲਿਆਂ ਨੇ ਪਿਛਲੇ ਤਿੰਨ ਦਿਨਾਂ ਤੋਂ ਮੁਕੰਮਲ ਹੜਤਾਲ ਕੀਤੀ ਹੋਈ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਨੂੰ ਜਥੇਬੰਦੀ ਨੇ ਸਰਕਾਰ ਦੇ ਨਾਂਅ ਮੰਗ ਪੱਤਰ ਨਾਇਬ ਤਹਿਸੀਲਦਾਰ ਅਮਿੱਤ ਕੁਮਾਰ ਨੂੰ ਦਿੱਤਾ।ਸ਼ਹੀਦ ਊਧਮ ਸਿੰਘ ਮੋਟਰਸਾਈਕਲ ਰੇਹੜੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਜਰਨੈਲ ਸਿੰਘ ਜਖੇਪਲ ਦੀ ਅਗਵਾਈ ਹੇਠ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਮੋਟਰਸਾਈਕਲ ਰੇਹੜੀਆਂ ਵਾਲੇ ਗ਼ਰੀਬ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ , ਅਜਿਹੇ ਹਾਲਾਤਾਂ ਵਿੱਚ ਪੁਲਿਸ ਵੱਲੋਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਬੰਦ ਕਰਵਾਉਣ ਨਾਲ ਕਿਰਤੀਆਂ ਦੇ ਚੁੱਲ੍ਹੇ ਠੰਢੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦਾ ਜੀਵਨ ਨਿਰਵਾਹ ਘ ਮੋਟਰਸਾਈਕਲ ਰੇਹੜੀਆਂ ਤੇ ਸਮਾਨ ਦੀ ਢੋਆ-ਢੁਆਈ ਕਰਕੇ ਚੱਲਦਾ ਹੈ । ਉਨ੍ਹਾਂ ਦਿੱਤੇ ਮੰਗ ਪੱਤਰ ਵਿੱਚ ਵਾਅਦਾ ਕੀਤਾ ਕਿ ਮੋਟਰਸਾਈਕਲ ਰੇਹੜੀਆਂ ਤੇ ਸਮਾਨ ਦੀ ਢੋਆ ਢੁਆਈ ਕਰਨ ਸਮੇਂ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਸਾਡਾ ਵੀ ਕੰਮਕਾਰ ਚੱਲਦਾ ਰਹੇ। ਉਨ੍ਹਾਂ ਮੰਗ ਕੀਤੀ ਹੈ ਕਿ ਮੋਟਰਸਾਈਕਲ ਰੇਹੜੀਆਂ ਦੇ ਚਲਾਨ ਨਾ ਕੱਟੇ ਜਾਣ। ਇਸ ਮੌਕੇ ਪੁਲਿਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਕਸ਼ਮੀਰ ਸਿੰਘ ਤੋਂ ਇਲਾਵਾ ਮੋਟਰਸਾਈਕਲ ਰੇਹੜੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰਗਟ ਸਿੰਘ, ਸੈਕਟਰੀ ਅਸ਼ੋਕ ਕੁਮਾਰ, ਕੇਵਲ ਸਿੰਘ, ਧਰਮਪਾਲ ਆਦਿ ਹਾਜ਼ਰ ਸਨ।