ਪਾਤੜਾਂ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਕੇਵਲ ਸਿੰਘ ਜੌੜਾਮਾਜਰਾ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਥੋੜੇ ਜਿਹੇ ਕਾਰਜਕਾਲ ਵਿੱਚ ਹੀ 40 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੈਰਿਟ 'ਤੇ ਪ੍ਰਦਾਨ ਕੀਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੀ ਦੇਸ਼ ਤੇ ਖਾਸ ਕਰਕੇ ਪੰਜਾਬ ਵਿੱਚ ਰੋਜ਼ਗਾਰ ਤੇ ਉਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਹਨ, ਜਿਸ ਕਰਕੇ ਹਰ ਵਰਗ ਖੁਸ਼ ਹੈ। ਜੌੜਾਮਾਜਰਾ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਹੁਣ ਕੋਈ ਮੁੱਦਾ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਆਗੂ ਹੀ ਇਨ੍ਹਾਂ ਨੂੰ ਅਲਵਿਦਾ ਆਖ ਰਹੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਲੋਕ ਹੁਣ ਮੂੰਹ ਨਹੀਂ ਲਗਾ ਰਹੇ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਪ੍ਰੇਰਣਾ ਨਾਲ ਆਪ 'ਚ ਸ਼ਾਮ ਹੋਇਆ ਨੌਜਵਾਨ ਆਗੂ ਕੇਵਲ ਸਿੰਘ ਲੋਕਾਂ ਨਾਲ ਜੁੜਿਆ ਨੌਜਵਾਨ ਹੈ, ਇਸ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕੇਵਲ ਸਿੰਘ ਨੇ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਐਮ.ਐਲ.ਏ. ਕੁਲਵੰਤ ਸਿੰਘ ਨੇ ਵੀ ਕੇਵਲ ਸਿੰਘ ਦਾ ਸਵਾਗਤ ਕੀਤਾ। ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ ਵੀ ਮੌਜੂਦ ਸਨ।