ਸੁਨਾਮ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਦੇ ਦੋ ਮੈਂਬਰੀ ਵਫ਼ਦ ਨੂੰ ਪਟਿਆਲਾ ਜੇਲ ਵਿੱਚ ਨਜ਼ਰਬੰਦ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਨਾ ਕਰਨ ਦੇਣਾ ਮੰਦਭਾਗਾ ਹੈ ਜਦਕਿ ਜੇਲ੍ਹ ਦੇ ਕਾਇਦੇ ਕਾਨੂੰਨ ਮੁਤਾਬਕ ਮੁਲਾਕਾਤ ਤੋਂ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਰਬ ਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਕਾਇਦਾ ਅਕਾਲੀ ਦਲ ਦੇ ਆਗੂਆਂ ਨੂੰ ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਕਿਹਾ ਸੀ। ਸੋਮਵਾਰ ਨੂੰ ਸੁਨਾਮ ਵਿਖੇ ਜਾਰੀ ਬਿਆਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਭਾਈ ਰਾਜੋਆਣਾ ਨਾਲ ਮੁਲਾਕਾਤ ਦਾ ਸਮਾਂ ਮੰਗਣ ਦੇ ਜਵਾਬ ਵਿੱਚ ਜੇਲ੍ਹਾਂ ਨਾਲ ਸਬੰਧਿਤ ਉੱਚ ਅਧਿਕਾਰੀਆਂ ਨੇ ਬਕਾਇਦਾ ਜੇਲ੍ਹ ਸੁਪਰਡੈਂਟ ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਕਿਸੇ ਨਾਲ ਵੀ ਮੁਲਾਕਾਤ ਕਰਵਾਉਣ ਲਈ ਜੇਲ੍ਹ ਦਾ ਸਬੰਧਿਤ ਅਧਿਕਾਰੀ ਸਮਰੱਥ ਅਥਾਰਟੀ ਹੈ ਬਾਵਜੂਦ ਇਸ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਨਿੱਜੀ ਕਿੜਾਂ ਕੱਢ ਰਹੀ ਹੈ ਅਜਿਹਾ ਵਰਤਾਰਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਕਰਨਾ ਆਪੇ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਚਾਰ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਨਤੀਜਿਆਂ ਤੋਂ ਸਬਕ ਲੈਣਾ ਚਾਹੀਦਾ ਹੈ। ਨੋਟਾ ਤੋਂ ਵੀ ਘੱਟ ਵੋਟਾਂ ਪੈਣੀਆਂ ਦਰਸਾਉਂਦਾ ਹੈ ਕਿ ਮੁਲਕ ਅੰਦਰ ਜਨਤਾ ਭਵਿੱਖ ਵਿੱਚ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਵੇਗੀ।