ਫ਼ਤਹਿਗੜ੍ਹ ਸਾਹਿਬ : ਦੇਸ਼ ਦੀ ਰਾਖੀ ਲਈ ਪੰਜਾਬ ਰਾਜ ਦੇ ਸੈਨਿਕਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾਂ ਪੈਦਾ ਕਰਨ ਦੇ ਨਾਲ-ਨਾਲ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਤ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਾਇਕਲ ਰੈਲੀ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਗਈ। ਇਸ ਰੈਲੀ ਦਾ ਜ਼ਿਲ੍ਹੇ ਵਿੱਚ ਪਹੁੰਚਣ ਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਤੇ ਸ਼ਹਿਰੀ ਪਤਵੰਤਿਆਂ ਨੇ ਜ਼ੋਰਦਾਰ ਸਵਾਗਤ ਕੀਤਾ। ਇਥੇ ਵਰਨਣਯੋਗ ਹੈ ਕਿ ਇਸ ਮੌਕੇ ਕੇਂਦਰ ਸਿਖਲਾਈ ਰਿਕਾਰਡ ਗਰੁੱਪ ਦੀ ਟੀਮ ਜੇ.ਸੀ.ਓ. ਨਾਇਬ ਸੂਬੇਦਾਰ ਜਸਕਰਨ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਸਾਬਕਾ ਸੈਨਿਕਾਂ ਦੀਆਂ ਵੱਖ-ਵੱਖ ਮੁਸ਼ਕਲਾਂ ਦਾ ਹੱਲ ਵੀ ਕੀਤਾ ਗਿਆ ਜਿਸ ਦੀ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੇ ਭਰਪੂਰ ਸ਼ਲਾਘਾ ਕੀਤੀ।
ਇਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਦੇ ਸੁਪਰਡੈਂਟ ਅਤੇ ਸਾਇਕਲ ਰੈਲੀ ਦੇ ਨੋਡਲ ਅਫਸਰ ਸ਼੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦੀ ਭਾਵਨਾਂ ਉਜਾਗਰ ਕਰਨ ਅਤੇ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਹ ਝੰਡਾ ਦਿਵਸ ਸਾਇਕਲ ਰੈਲੀ ਬੀਤੀ 07 ਨਵੰਬਰ ਨੂੰ ਚੰਡੀਗੜ੍ਹ ਤੋਂ ਰਵਾਨਾ ਹੋਈ ਸੀ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਇਹ ਸਾਇਕਲ ਰੈਲੀ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੀ ਹੈ ਜਿਥੋਂ 6 ਦਸੰਬਰ ਨੂੰ ਰਵਾਨਾ ਹੋ ਕੇ ਇਹ ਸਾਇਕਲ ਰੈਲੀ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਪਹੁੰਚੇਗੀ ਅਤੇ ਉਸ ਉਪਰੰਤ ਇਹ ਸਾਇਕਲ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਝੰਡਾ ਦਿਵਸ ਫੰਡ ਵਿੱਚੋਂ ਹਵਲਦਾਰ ਸੁਰਜੀਤ ਸਿੰਘ ਦੀ ਪਤਨੀ ਰੋਜੀ ਕੌਰ, ਸਿਪਾਹੀ ਰਾਮੇਸ਼ਵਰ ਰਾਮ, ਸਿਪਾਹੀ ਗੁਰਦੀਪ ਸਿੰਘ ਦੀ ਪਤਨੀ ਸੁਰਜੀਤ ਕੌਰ, ਸੁਲੱਖਣ ਸਿੰਘ, ਸਿਪਾਹੀ ਮੋਹਿੰਦਰ ਸਿੰਘ ਨੂੰ 90 ਹਜ਼ਾਰ ਦੀ ਮਾਲੀ ਸਹਾਇਤਾ ਦੇ ਚੈੱਕ ਵੀ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਬੋਰਡ ਦੇ ਉਪ ਚੇਅਰਮੈਨ ਕੈਪਟਨ ਜਸਵੰਤ ਸਿੰਘ ਬਾਜਵਾ, ਸੁਪਰਡੈਂਟ ਸ਼੍ਰੀਮਤੀ ਰਾਜ ਕੌਰ, ਗੁਰਦੀਪ ਸਿੰਘ, ਸੈਨਿਕ ਭਲਾਈ ਅਫਸਰ ਸ਼ੇਰ ਸਿੰਘ, ਮਨਪ੍ਰੀਤ ਕੌਰ, ਪਰਮਜੀਤ ਕੌਰ, ਕੋਮਲ ਸੇਠੀ ਅਤੇ ਸੁਖਵੀਰ ਸਿੰਘ ਤੋਂ ਇਲਾਵਾ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰ ਹਾਜਰ ਸਨ।