ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਬਰਬਾਦ ਕੀਤਾ ਹੈ। ਕਰਜ਼ੇ ਵਿੱਚ ਡੁੱਬੇ ਪੰਜਾਬ ਦੇ ਕਈ ਸੌ ਕਰੋੜ ਰੁਪਏ ਬਰਬਾਦ ਕਰਕੇ ਇਹ ਸਾਬਤ ਕਰ ਦਿੱਤਾ ਕਿ ਕੇਜਰੀਵਾਲ ਅਤੇ ਉਸਦੇ ਸਮਰਥਕਾਂ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦਾ ਚਿਹਰਾ ਨੰਗਾ ਹੋ ਗਿਆ ਹੈ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਨੂੰ ਸਵਾਲ ਕੀਤਾ ਕਿ ਕੀ ਇਹ ਭ੍ਰਿਸ਼ਟਾਚਾਰ ਨਹੀਂ ਹੈ, ਕੀ ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਰਫ਼ ਅੱਧਾ ਪ੍ਰਤੀਸ਼ਤ ਵੋਟਾਂ ਹੀ ਮਿਲੀਆਂ ਹਨ ਅਤੇ ਕੇਜਰੀਵਾਲ ਨੇ ਪੰਜਾਬ ਦਾ ਪੈਸਾ ਬਰਬਾਦ ਕਰਨ ਦਾ ਰਤਾ ਭਰ ਵੀ ਦਰਦ ਮਹਿਸੂਸ ਨਹੀਂ ਕੀਤਾ। ਢੀਂਡਸਾ ਨੇ ਕਿਹਾ ਕਿ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਰਾ ਬਣਾਕੇ ਆਪਣੇ ਹਿੱਤਾਂ ਦੀ ਪੂਰਤੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਅਸਲੀਅਤ ਨੂੰ ਪਛਾਣ ਲਿਆ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਉਸੇ ਤਰ੍ਹਾਂ ਦਾ ਸਾਹਮਣਾ ਕਰਨਾ ਪਵੇਗਾ ਜਿਸ ਤਰ੍ਹਾਂ ਚਾਰ ਰਾਜਾਂ ਦੀਆਂ ਵਿਧਾਨ ਸਭਾਵਾਂ ਚੋਣਾਂ ਵਿੱਚ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਜਰੀਵਾਲ ਤੋਂ ਪੰਜਾਬ ਦੇ ਪੈਸੇ ਦੀ ਕੀਤੀ ਬਰਬਾਦੀ ਦੀ ਭਰਪਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਰ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਆਏ ਚੋਣ ਨਤੀਜਿਆਂ ਨੇ ਕੇਜਰੀਵਾਲ ਦੇ ਪ੍ਰਧਾਨ ਮੰਤਰੀ ਬਣਨ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ ਹੈ। ਇਸ ਮੌਕੇ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਧਾਲੀਵਾਲ, ਸਾਬਕਾ ਕੌਂਸਲਰ ਤੇ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਮਾਸਟਰ ਦਲਜੀਤ ਸਿੰਘ, ਪ੍ਰਿਤਪਾਲ ਸਿੰਘ ਕਾਲਾ, ਤਰਸੇਮ ਸਿੰਘ ਘੁੱਗਾ ਤੇ ਹੋਰ ਆਗੂ ਹਾਜ਼ਰ ਸਨ।